ਤਿੰਨ ਦਿਨ ਪਹਿਲਾਂ ਵਾਪਰੇ ਸੜਕ ਹਾਦਸੇ 'ਚ 22 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ
ਰਿਪੋਰਟਰ---ਰੋਹਿਤ ਗੁਪਤਾ
ਗੁਰਦਾਸਪੁਰ, 14 ਨਵੰਬਰ 2024 - ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਪਿੰਡ ਖੁੰਡਾ ਮੋੜ ਵਿਖੇ 11 ਨਵੰਬਰ ਦੀ ਰਾਤ ਨੂੰ 22 ਸਾਲਾ ਨੌਜਵਾਨ ਜਸਵੰਤ ਪੁੱਤਰ ਅਮਾਨਤ ਵਾਸੀ ਨੌਸ਼ਹਿਰਾ ਬਹਾਦੁਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਕੇ ਜ਼ਖਮੀ ਕਰ ਦਿੱਤਾ ਜਿਸਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਪਰ ਸਿਰ 'ਤੇ ਗੰਭੀਰ ਸੱਟ ਲੱਗਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਪਰ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਲੜਕੇ ਦੀ ਸੜਕ ਹਾਦਸੇ 'ਚ ਮੌਤ ਨਹੀਂ ਹੋਈ, ਉਸ ਦਾ ਕਤਲ ਇਸ ਲਈ ਕੀਤਾ ਗਿਆ ਹੈ ਕਿਉਂਕਿ ਉਸ ਦੇ ਸਿਰ 'ਤੇ ਤੇਜ਼ਧਾਰ ਆ ਹਥਿਆਰ ਨਾਲ ਸੱਟ ਮਾਰੀ ਗਈ ਸੀ। ਜਦਕਿ ਧਾਰੀਵਾਲ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਬਲਵੰਤ ਅਤੇ ਪਿਤਾ ਅਮਾਨਤ ਨੇ ਦੱਸਿਆ ਕਿ 11 ਨਵੰਬਰ ਦੀ ਸ਼ਾਮ ਨੂੰ ਪਿੰਡ ਦੇ ਹੀ ਇਕ ਲੜਕੇ ਨੇ ਉਨ੍ਹਾਂ ਦੇ ਲੜਕੇ ਜਸਵੰਤ ਨੂੰ ਘਰੋਂ ਬੁਲਾਇਆ ਸੀ ਅਤੇ ਉਨ੍ਹਾਂ ਦਾ ਲੜਕਾ ਪੂਰੀ ਰਾਤ ਘਰ ਵਾਪਸ ਨਹੀਂ ਆਇਆ ਅਤੇ ਸਵੇਰੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਲੱਗ ਗਿਆ ਕਿ ਉਹ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ ਅਤੇ ਉਹ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਹੈ। ਜਦੋਂ ਗੁਰਦਾਸਪੁਰ ਸਿਵਲ ਹਸਪਤਾਲ ਗਏ ਤਾਂ ਪਤਾ ਲੱਗਿਆ ਕਿ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਉੱਥੇ ਪਹੁੰਚ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਸਿਰ 'ਤੇ ਸੱਟ ਲੱਗੀ ਹੈ, ਜਿਸ ਕਾਰਨ ਉਨ੍ਹਾਂ ਨੇ ਸ਼ੱਕ ਪ੍ਰਗਟਾਇਆ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਪੂਰੀ ਯੋਜਨਾਬੰਦੀ ਨਾਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਇਸੇ ਪਿੰਡ ਦੇ ਇੱਕ ਲੜਕੇ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ, ਉਨ੍ਹਾਂ ਨੂੰ ਸ਼ੱਕ ਹੈ ਕਿ ਉਸਨੇ ਹੀ ਉਹਨਾਂ ਦੇ ਲੜਕੇ ਨੂੰ ਮਾਰਿਆ ਹੈ ਪਰ ਉਸ ਤੋਂ ਪੁਲਿਸ ਪੁੱਛਗਿੱਛ ਨਹੀਂ ਕਰ ਰਹੀ ਹੈ।
ਇਸੇ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਾਰੀਵਾਲ ਦੀ ਐਸ.ਐਚ.ਓ ਮੈਡਮ ਬਲਜੀਤ ਕੌਰ ਨੇ ਦੱਸਿਆ ਕਿ 11 ਨਵੰਬਰ ਦੀ ਰਾਤ ਨੂੰ ਉਨ੍ਹਾਂ ਨੂੰ ਪਿੰਡ ਖੁੰਡਾ ਮੋੜ ਵਿਖੇ ਇੱਕ ਨੌਜਵਾਨ ਜ਼ਖਮੀ ਹਾਲਤ ਵਿੱਚ ਮਿਲਿਆ ਸੀ, ਜਿਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਭੇਜਿਆ ਗਿਆ ਸੀ। ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੜਤਾਲ ਦੌਰਾਨ ਜੋ ਵੀ ਸਾਹਮਣੇ ਆਇਆ ਉਸੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।