ਅਸ਼ੋਕ ਵਰਮਾ
ਬਠਿੰਡਾ, 24 ਅਕਤੂਬਰ 2020 - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਲਹਿਰਾ ਥਰਮਲ ਮਾਰਕੀਟ ਅੱਗੇ ਬਠਿੰਡਾ ਚੰਡੀਗੜ ਕੌਮੀ ਮਾਰਗ ਜਾਮ ਕਰਕੇ ਰੈਗੂਲਰ ਨਾ ਕਰਨ , ਖੇਤੀ ਕਾਨੂੰਨਾਂ,ਬਿਜਲੀ ਸੋਧ ਬਿੱਲ 2020,ਨਵੇਂ ਕਿਰਤ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨਾਂ ਨੂੰ ਰੱਦ ਨਾ ਕਰਨ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦਾ ਦਿਓਕੱਦ ਪੁਤਲਾ ਫੂਕਿਆ। ਪ੍ਰਧਾਨ ਜਗਰੂਪ ਸਿੰਘ ਅਤੇ ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਬਿਆਨ ਜਾਰੀ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਸਮੂਹ ਵਿਭਾਗਾਂ ਵਿੱਚੋਂ ਪੁਨਰਗਠਨ ਦੇ ਨਾਮ ਤੇ ਵੱਡੇ ਪੱਧਰ ਤੇ ਅਸਾਮੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਠੇਕਾ ਮੁਲਾਜ਼ਮਾਂ ਦੀ ਆਊਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਰਾਹੀਂ ਕਿਰਤ ਦੀ ਲੁੱਟ ਕੀਤੀ ਜਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਦੇ ਸੰਘਰਸ਼ਾਂ ਦੀ ਬਦੌਲਤ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਏ “ਵੈੱਲਫੇਅਰ ਐਕਟ 2016“ ਨੂੰ ਤੋੜਕੇ ਨਵਾਂ “ਵੈੱਲਫੇਅਰ ਐਕਟ 2020“ ਬਣਾਇਆ ਜਾ ਰਿਹਾ ਹੈ ਅਤੇ ਆਉਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਆਦਿ ਕੈਟਾਗਿਰੀਆਂ ਨੂੰ ਐਕਟ ਵਿੱਚੋਂ ਬਾਹਰ ਕੀਤਾ ਜਾ ਰਿਹਾ ਹੈ ਜਦੋਂ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਕੰਪਨੀਆਂ,ਇਨਲਿਸਟਮੈਂਟ,ਠੇਕਾ ਪ੍ਰਣਾਲੀ,ਆਊਟਸੋਰਸਿੰਗ ਆਦਿ ਕੈਟਾਗਿਰੀਆਂ ਤਹਿਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਸਾਲਾਂ ਲਗਾਤਾਰ ਕੰਮ ਕਰਦੇ ਆ ਰਹੇ ਹਨ। ਆਗੂਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ “ਵੈੱਲਫੇਅਰ ਐਕਟ 2016“ਅਧੀਨ ਲਿਆਕੇ ਰੈਗੂਲਰ , ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਐਕਟ ਵਿੱਚ ਸ਼ਾਮਲ ,ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਬੰਦ ਕੀਤੀਆਂ ਜਾਣ ਅਤੇ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਬਹਾਲ ,ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਅਤੇ ਸਮੂਹ ਕਾਲੇ ਕਾਨੂੰਨ ਰੱਦ ਕੀਤੇ ਜਾਣ।
ਆਗੂਆਂ ਨੇ ਦੱਸਿਆ ਕਿ 8 ਨਵੰਬਰ ਨੂੰ ਮੋਰਚੇ ਦੇ ਬੈਨਰ ਹੇਠ ਜਲੰਧਰ ਵਿਖੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ ਜਿਸ ਵਿੱਚ ਅਗਲੇ ਸੂਬਾ ਪੱਧਰੀ ਸੰਘਰਸ ਦਾ ਐਲਾਨ ਕੀਤਾ ਜਾਵੇਗਾ। ਇਸ ਸਮੇਂ ਬੀਕੇਯੂ ਏਕਤਾ (ਉੱਗਰਾਹਾਂ) ਦੇ ਆਗੂ ਮੋਠੂ ਸਿੰਘ ਕੋਟੜਾ,ਬਾਦਲ ਸਿੰਘ ਭੁੱਲਰ,ਲਛਮਣ ਸਿੰਘ,ਹਰਜਿੰਦਰ ਸਿੰਘ,ਲਵਪ੍ਰੀਤ ਸਿੰਘ,ਗੁਰਪ੍ਰੀਤ ਸਿੰਘ,ਜਸਕਰਨ ਸਿੰਘ,ਹਰਪਾਲ ਸਿੰਘ,ਜਗਤਾਰ ਸਿੰਘ,ਜਸਪਾਲ ਸਿੰਘ,ਥਾਣਾ ਸਿੰਘ ਆਦਿ ਆਗੂ ਹਾਜ਼ਿਰ ਸਨ।