ਅਸ਼ੋਕ ਵਰਮਾ
ਬਠਿੰਡਾ, 27 ਅਕਤੂਬਰ 2020 : ਭਾਰਤ ਸਰਕਾਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਫ਼ਸਲੀ ਰਹਿੰਦ-ਖੂੰਹਦ ਪ੍ਰੋਜੈਕਟ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਜ਼ਿਲੇ ਅਧੀਨ ਪੈਂਦੇ ਪਿੰਡ ਬੁਰਜ ਥਰੋੜ ਦੇ ਕਿਸਾਨਾਂ ਲਈ ਪੰਜ ਰੋਜ਼ਾ ਸਿਖਲਾਈ ਕੈਂਪ ਲਗਾਇਆ। ਕੈਂਪ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ ਡਾ. ਜਤਿੰਦਰ ਸਿੰਘ ਬਰਾੜ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿਚ ਮਿਲਾਉਣ ਦੀ ਸਲਾਹ ਦਿੱਤੀ।
ਡਾ. ਬਰਾੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਜ਼ਮੀਨ ਵਿੱਚ ਮਿਲਾਉਣ ਨਾਲ ਜ਼ਮੀਨ ਵਿਚਲੇ ਸੂਖਮ ਤੱਤਾਂ ਵਿੱਚ ਵਾਧਾ ਹੁੰਦਾ ਹੈ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ ਉਨਾਂ ਕਿਹਾ ਕਿ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਨਾਲ ਜ਼ਮੀਨ ਵਿਚਲਾ ਔਰਗੈਨਿਕ ਮਾਦਾ ਵੱਧਦਾ ਹੈ ਇਸ ਲਈ ਸਾਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਅਜਿਹੇ ਢੰਗ ਅਪਣਾਉਣੇ ਚਾਹੀਦੇ ਹਨ।
ਕੈਂਪ ਦੌਰਾਨ ਪ੍ਰੋ: ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਪਸ਼ੂ ਪਾਲਣ ਦੇ ਧੰਦੇ ਵਿੱਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਸਹਿਯੋਗੀ ਪ੍ਰੋਫੈਸਰ, ਪਸਾਰ ਸਿੱਖਿਆ, ਡਾ. ਗੁਰਮੀਤ ਸਿੰਘ ਢਿੱਲੋਂ ਨੇ ਆਏ ਹੋਏ ਕਿਸਾਨਾਂ ਨੂੰ ਅਧੁਨਿਕ ਖੇਤੀ ਮਸ਼ੀਨਾਂ ਜਿਵੇਂ ਸੁਪਰ ਸੀਡਰ, ਹੈਪੀ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵੇਂ ਹਲ, ਮਲਚਰ, ਚੌਪਰ ਆਦਿ ਦੀ ਵਰਤੋਂ ਕਰਕੇ ਪਰਾਲੀ ਦਾ ਮੁਕੰਮਲ ਪ੍ਰਬੰਧ ਕਰਨ ਬਾਰੇ ਜਾਣਕਾਰੀ ਦਿੱਤੀ
ਡਾ. ਸਰਵਪ੍ਰਿਆ ਸਿੰਘ ਤੇ ਸਹਾਇਕ ਪ੍ਰੋਫੈਸਰ ਕੀਟ ਵਿਗਿਆਨ ਡਾ. ਵਿਨੇ ਸਿੰਘ ਨੇ ਨੇ ਕਿਸਾਨਾਂ ਦੇ ਮੁਖਾਤਿਬ ਹੁੰਦਿਆਂ ਕਿਹਾ ਕੇ ਝੋਨੇ ਦੀ ਪਰਾਲੀ ਸਾੜਣ ਨਾਲ ਜਿੱਥੇ ਵਾਤਾਵਰਨ ਗੰਦਲਾ ਹੁੰਦਾ ਹੈ ਉੱਥੇ ਮਨੁੱਖੀ ਸਿਹਤ ਅਤੇ ਪਸ਼ੂ-ਪੰਛੀਆਂ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਸੀਨੀਅਰ ਰੀਸਰਚ ਫੈਲੋ ਸ਼੍ਰੀ ਪ੍ਰਕਾਸ਼ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਮਿਲਾਉਣ ਜਿਸ ਨਾਲ ਵਾਤਾਵਰਣ ਵੀ ਗੰਦਲਾ ਹੋਣ ਤੋਂ ਬਚਿਆ ਰਹਿਗੇ ਅਤੇ ਫ਼ਸਲਾਂ ਦਾ ਝਾੜ ਵੀ ਚੋਖਾ ਮਿਲੇਗਾ।