ਅਸ਼ੋਕ ਵਰਮਾ
ਬਠਿੰਡਾ, 30 ਅਕਤੂਬਰ 2020 - ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਬਠਿੰਡਾ ਅੰਦਰ ਪ੍ਰਵਾਸੀ ਆਬਾਦੀ ਨਾਲ ਸਬੰਧਤ 0 ਤੋਂ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਅਮਰੀਕ ਸਿੰਘ ਸੰਧੂ ਨੇ ਕਿਹਾ ਕਿ ਇਸ ਮੁਹਿੰਮ ਤਹਿਤ 1,2 ਅਤੇ 3 ਨਵੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਝੁੱਗੀ-ਝੋਪੜੀਆਂ, ਭੱਠਿਆਂ, ਪਥੇਰਾਂ, ਸੈਲਰਾਂ ਅਤੇ ਨਿਰਮਾਣ ਅਧੀਨ ਇਮਾਰਤਾਂ ਤੇ ਮੌਜ਼ੂਦ ਪ੍ਰਵਾਸੀ ਅਬਾਦੀ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ । ਉਹਨਾਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਭਨਾਂ ਤੋਂ ਸਹਿਯੋਗ ਦੇਣ ਦੀ ਅਪੀਲ ਕੀਤੀ। ਪੋਲਿਓ ਪ੍ਰਚਾਰ ਦੀ ਇੰਚਾਰਜ਼ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਿਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਨੇਪਰੇ ਚਾੜਨ ਲਈ ਵਿਭਾਗ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੁਹਿੰਮ ਤਹਿਤ ਲੱਗਭੱਗ 18181 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ ਜਿਸ ਲਈ ਦੋ ਸੁਪਰਵਾਈਜ਼ਰ, 89 ਘਰ ਤੋਂ ਘਰ ਟੀਮਾਂ, 48 ਮੋਬਾਇਲ ਟੀਮਾਂ ਅਤੇ 2 ਟਰਾਜਿਟ ਟੀਮਾਂ ਬਣਾਈਆਂ ਗਈਆਂ ਹਨ।