ਹਰੀਸ਼ ਕਾਲੜਾ
ਸ੍ਰੀ ਅਨੰਦਪੁਰ ਸਾਹਿਬ, 2 ਨਵੰਬਰ 2020 - ਪੰਜਾਬ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਜਿਲਾ ਰੂਪਨਗਰ ਦੇ ਸਰਕਾਰੀ ਪ੍ਰਾਇਮਰੀ, ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਬੱਚਿਆਂ ਦੇ ਮਾਪਿਆਂ ਨਾਲ ਮਾਪੇ-ਅਧਿਆਪਕ ਮਿਲਣੀ ਹੋਈ।
ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.) ਰਾਜ ਕੁਮਾਰ ਖੋਸਲਾ'ਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.) ਜਰਨੈਲ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਤੇ ਢਾਂਚਾਗਤ ਵਿਕਾਸ ਦੇ ਮੁਲਾਂਕਣ ਲਈ ਸਿੱਖਿਆ ਵਿਭਾਗ ਵੱਲੋਂ 11 ਨਵੰਬਰ ਤੋਂ ਪੰਜਾਬ ਪ੍ਰਾਪਤੀ ਸਰਵੇਖਣ (ਪੈਸ) ਸ਼ੁਰੂ ਹੋ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਮਾਪਿਆਂ ਨੂੰ ਇਸ ਸਰਵੇਖਣ ਵਿੱਚ ਬੱਚਿਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕਰਨਾ ਇਸ ਦੋ ਰੋਜ਼ਾ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਮਕਸਦ ਹੈ। ਇਸਦੇ ਨਾਲ ਹੀ ਵਿਭਾਗ ਵੱਲੋਂ ਆਨ-ਲਾਈਨ ਭੇਜੀ ਗਈ ਸਹਾਇਕ ਸਮੱਗਰੀ ਦੀ ਵਰਤੋਂ ਕਰਕੇ ਵਿਦਿਆਰਥੀ ਪੈਸ ਦੀ ਵਧੀਆ ਤਿਆਰੀ ਕਰ ਸਕਣ ਅਤੇ ਪੜ੍ਹਾਈ ਨਾਲ ਸਬੰਧਿਤ ਹੋਰ ਪੱਖਾਂ ਬਾਰੇ ਵੀ ਮਾਪਿਆਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।
ਜਿਲ੍ਹਾ ਸਿੱਖਿਆ ਅਫਸਰਾਂ ਨੇ ਜਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਇਹ ਮੌਕਾ ਹੈ ਕਿ ਸਮੂਹ ਅਧਿਆਪਕ ਅਤੇ ਸਕੂਲ ਮੁਖੀ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਪੜ੍ਹਦੇ ਬੱਚਿਆਂ ਦੇ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਪੰਚਾਇਤ ਮੈਂਬਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਨਾਲ ਰਾਬਤਾ ਕਾਇਮ ਕਰ ਸਕਦੇ ਹਨ। ਇਹਨਾਂ ਨੂੰ ਉਤਸ਼ਾਹਿਤ ਅਤੇ ਜਾਗਰੂਕ ਕਰਕੇ ਪੰਜਾਬ ਪ੍ਰਾਪਤੀ ਸਰਵੇਖਣ ਵਿੱਚ ਵੱਧ ਤੋਂ ਵੱਧ ਬੱਚਿਆਂ ਦੀ ਭਾਗੀਦਾਰੀ ਕਰਵਾਈ ਜਾ ਰਹੀ ਹੈ।
ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਨਤਕ ਸਥਾਨਾਂ ਰਾਹੀਂ ਮੁਨਿਆਦੀ ਕਰਵਾਕੇ, ਸੋਸ਼ਲ਼ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਜਿਵੇਂ ਕਿ ਫੇਸਬੁੱਕ, ਵਟਸਐਪ, ਟਵਿੱਟਰ ਆਦਿ ਦੀ ਵੱਧ ਤੋਂ ਵੱਧ ਵਰਤੋਂ ਕਰਕੇ, ਪੋਸਟਰ, ਆਡੀਓ-ਵੀਡੀਓ ਸੁਨੇਹੇ ਵਾਇਰਲ ਕਰਕੇ ਅਧਿਆਪਕ, ਸਕੂਲ ਮੁਖੀ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮਾਂ ਬੱਚਿਆਂ, ਮਾਪਿਆਂ ਅਤੇ ਹੋਰ ਕਮਿਊਨਿਟੀ ਮੈਂਬਰਾਂ ਨੂੰ ਮਾਪੇ-ਅਧਿਆਪਕ ਮਿਲਣੀ ਦੀ ਅਗਾਉਂ ਜਾਣਕਾਰੀ ਦੇਣ ਲਈ ਸੁਹਿਰਦ ਉਪਰਾਲੇ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀਆਂ ਸਮੇਂ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਵੀ ਕੀਤੀ ਗਈ।ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਸਰਕਾਰੀ ਸਕੂਲ ਕੀਰਤਪੁਰ ਸਾਹਿਬ , ਸਰਕਾਰੀ ਆਦਰਸ਼ ਸਕੂਲ , ਸਰਕਾਰੀ ਕੰਨਿਆਂ ਸਕੂਲ ਅਨੰਦਪੁਰ ਸਾਹਿਬ, ਰਾਮਪੁਰ ਜੱਜਰ , ਬਿੰਦਰਖ , ਪੁਖਰਾਲੀ ਅਤੇ ਮੀਆਂਪੁਰ ਆਦਿ ਸਕੂਲਾਂ ਦੀ ਅਧਿਆਪਕ ਮਾਪੇ ਮਿਲਣੀਆਂ ਵਿਚ ਪਹੁੰਚ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਇਸ ਮੌਕੇ ਉਪ ਜਿਲ ਸਿਖਿਆ ਅਫਸਰ ਸੁਰਿੰਦਰ ਪਾਲ ਸਿੰਘ , ਚਰਨਜੀਤ ਸਿੰਘ ਸੋਢੀ , ਰੰਜਨਾ ਕਟਿਆਲ , ਸਵਰਨ ਸਿੰਘ ਲੋਧੀਪੁਰ , ਪ੍ਰਿੰਸੀਪਲ ਸ਼ਰਨਜੀਤ ਸਿੰਘ , ਪ੍ਰਿੰਸੀਪਲ ਸੁਰਿੰਦਰ ਸਿੰਘ ਬਾਜਵਾ , ਸਤਨਾਮ ਸਿੰਘ ਸੰਧੂ , ਤਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਮਾਪੇ ਹਾਜ਼ਰ ਸਨ।