-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ ਨੇ ਕਰਵਾਇਆ ਆਗ਼ਾਜ਼
ਪਟਿਆਲਾ, 9 ਨਵੰਬਰ 2020 : ਅੱਜ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਗੂਗਲ ਮੀਟ ਰਾਹੀਂ ਕਾਨੂੰਨੀ ਜਾਗਰੂਕਤਾ ਮੁਹਿੰਮ ਦਾ ਆਗ਼ਾਜ਼ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੇ ਕਾਰਜਕਾਰੀ ਚੇਅਰਮੈਨ ਡਾ. ਜਸਟਿਸ ਐਸ. ਮੁਰਲੀਧਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਸਹਿਯੋਗ ਨਾਲ ਕਾਨੂੰਨੀ ਜਾਗਰੂਕਤਾ ਮੁਹਿੰਮ ਅਰੰਭੀ ਗਈ ਹੈ। ਉਨ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ 1987 ਤਹਿਤ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਮੁੱਖ ਪ੍ਰਾਵਧਾਨਾਂ ਬਾਰੇ ਗੱਲ ਕੀਤੀ।
ਇਸ ਵੈਬੀਨਾਰ ਦੌਰਾਨ ਯੂਨੀਵਰਸਿਟੀ ਦੇ ਉਪਕੁਲਪੀ ਪ੍ਰੋ. ਪਰਮਜੀਤ ਸਿੰਘ ਜਸਵਾਲ ਨੇ ਸਾਰੇ ਮਾਣਯੋਗ ਜੱਜ ਸਾਹਿਬਾਨੲ, ਪੋਫੈਸਰ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਸੁਆਗਤ ਕੀਤਾ ਤੇ ਕਿਹਾ ਕਿ ਯੂਨੀਵਰਸਿਟੀ ਇਸ ਕਾਨੂੰਨੀ ਜਾਗਰੂਕਤਾ ਮੁਹਿੰਮ 'ਚ ਹਰ ਪੱਖੋਂ ਸਹਿਯੋਗ ਦੇਵੇਗੀ। ਸੈਸ਼ਨ ਦੌਰਾਨ ਸੀ.ਜੇ.ਐਮ./ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਨੇ ਘਰੇਲੂ ਹਿੰਸਾ ਕਾਨੂੰਨ ਦੇ ਮੁੱਖ ਪ੍ਰਾਵਧਾਨਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਰੋਨਾ ਮਹਾਮਾਰੀ ਦੌਰਾਨ ਆਨ ਲਾਈਨ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਘੇਰੇ ਬਾਰੇ ਵੀ ਚਰਚਾ ਕੀਤੀ।
ਇਸ ਦੌਰਾਨ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਨਰੇਸ਼ ਕੁਮਾਰ ਵਤਸ ਨੇ ਲੀਗਲ ਏਡ ਕਲੀਨਿਕਸ ਵਿੱਚ ਕੀਤੇ ਜਾਂਦੇ ਕੰਮਾਂ ਬਾਰੇ ਦੱਸਿਆਂ। ਪ੍ਰੋ. ਮਿਸ ਅਭਿਨੰਦਨ ਬੱਸੀ ਨੇ ਘਰੇਲੂ ਹਿੰਸਾ ਤੇ ਗ੍ਰਿਫ਼ਤਾਰ ਵਿਅਕਤੀਆਂ ਦੇ ਅਧਿਕਾਰਾਂ ਬਾਰੇ ਪੋਸਟਰ 'ਤੇ ਲਿਖੇ ਗਏ ਛੋਟੇ ਨੋਟਸ ਬਾਰੇ ਦੱਸਿਆ ਅਤੇ ਇਹਨਾਂ ਨੂੰ ਇੰਸਟਾਗਰਾਮ ਅਤੇ ਟਵਿਟਰ 'ਤੇ ਪੋਸਟ ਕਰਕੇ ਲੋਕਾਂ ਨੂੰ ਜਾਣੂ ਕਰਵਾਉਣ ਬਾਰੇ ਦੱਸਿਆ। ਇਸ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਜੱਜ ਸਾਹਿਬਾਨਾਂ ਤੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ ਵਿਦਿਆਰਥੀਆਂ ਨੇ ਵੈਬੀਨਾਰ ਵਿੱਚ ਭਾਗ ਲਿਆ।