ਮ੍ਰਿਤਕ ਕਿਸਾਨ ਦੀ ਪਤਨੀ ਮਨਜੀਤ ਕੌਰ ਨੂੰ ਤਿੱਨ ਲੱਖ ਰੁਪਏ ਦਾ ਚੈੱਕ ਭੇਂਟ ਕਰਦੇ ਹੋਏ ਰਾਣਾ ਗੁਰਮੀਤ ਸਿੰਘ ਸੋਢੀ
ਜਗਦੀਸ਼ ਥਿੰਦ
ਜ਼ਲਾਲਾਬਾਦ/ ਗੁਰੂ ਹਰਸਹਾਏ , 20 ਨਵੰਬਰ
ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪਿੰਡ ਮਾਹਮੂਜ਼ੋਈਆਂ ਦੇ ਕਿਸਾਨ ਬਲਦੇਵ ਰਾਜ ਦੇ ਦੇ ਨਮਿਤ ਰੱਖੀ ਅੰਤਿਮ ਅਰਦਾਸ ਵਿਚ ਸਿ਼ਰਕਤ ਕਰਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਬਲਦੇਵ ਰਾਜ ਦੀ ਪਿੱਛਲੇ ਦਿਨੀ ਕਿਸਾਨ ਹਿੱਤਾਂ ਦੀ ਰਾਖੀ ਲਈ ਦਿੱਤੇ ਧਰਨੇ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਉਹ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਇੱਥੇ ਧਰਨਾ ਦੇ ਰਹੇ ਸਨ। ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਮ੍ਰਿਤਕ ਦੇ ਪਰਿਵਾਰ ਨੂੰ ਸਰਕਾਰ ਵੱਲੋਂ 3 ਲੱਖ ਰੁਪਏ ਦਾ ਸਹਾਇਤਾ ਰਾਸ਼ੀ ਦਾ ਚੈਕ ਵੀ ਭੇਂਟ ਕੀਤਾ।
ਇਸ ਮੌਕੇ ਮ੍ਰਿਤਕ ਕਿਸਾਨ ਬਲਦੇਵ ਰਾਜ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪੂਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜ਼ੋ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਹਨ ਇੰਨ੍ਹਾ ਦਾ ਨਾ ਸਿਰਫ ਕਿਸਾਨੀ ਤੇ ਸਗੋਂ ਸਮਾਜ ਦੇ ਹਰ ਵਰਗ ਤੇ ਮਾੜਾ ਅਸਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਵਿਧਾਨ ਸਭਾ ਵਿਚ ਬਿੱਲ ਵੀ ਪਾਸ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰਾਂ ਨਾਲ ਕਿਸਾਨਾਂ ਦੀ ਇਸ ਲੜਾਈ ਵਿਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨਾ ਚਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਜਿੱਦ ਕਾਰਨ ਯੂਰੀਆ ਖਾਦ ਦੀ ਘਾਟ ਹੈ ਜਿਸ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਯਤਨ ਕਰ ਰਹੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮ੍ਰਿਤਕ ਕਿਸਾਨ ਦੇ ਕਰਜੇ ਦੀ ਮਾਫੀ ਸਬੰਧੀ ਵੀ ਨਿਯਮਾਂ ਅਨੁਸਾਰ ਕਾਰਵਾਈ ਕਰਨ ਦਾ ਭਰੋਸਾ ਪਰਿਵਾਰ ਨੂੰ ਦਿੱਤਾ। ਉਨ੍ਹਾਂ ਨੇ ਇਸ ਮੌਕੇ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਸਰਕਾਰ ਵੱਲੋਂ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇੱਥੇ ਜਿਕਰਯੋਗ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਇਸ ਤੋਂ ਪਹਿਲਾਂ 2 ਲੱਖ ਰੁਪਏ ਦੀ ਮਦਦ ਮੁਹਈਆ ਕਰਵਾਈ ਸੀ। ਇਸ ਮੌਕੇ ਕਿਸਾਨ ਜੱਥੇਬੰਦੀਆਂ ਵੱਲੋਂ ਵੀ ਮ੍ਰਿਤਕ ਕਿਸਾਨ ਦੇ ਪੁੱਤਰ ਨੂੰ ਪੱਗ ਭੇਂਟ ਕੀਤੀ ਗਈ।
ਇਸ ਮੌਕੇ ਸ੍ਰੀ ਅਨੂਮੀਤ ਸਿੰਘ ਹੀਰਾ ਸੋਢੀ, ਸੂਚਨਾ ਕਮਿਸ਼ਨਰ ਪੰਜਾਬ, ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ, ਜਲਾਲਾਬਾਦ ਦੇ ਐਸ.ਡੀ.ਐਮ. ਸ: ਸੂਬਾ ਸਿੰਘ, ਮ੍ਰਿਤਕ ਕਿਸਾਨ ਦੀ ਪਤਨੀ ਮਨਜੀਤ ਕੌਰ, ਬੇਟੇ ਰਮਨ ਕੁਮਾਰ ਅਤੇ ਵਿਪਨ ਕੁਮਾਰ, ਸ੍ਰੀ ਅੰਮ੍ਰਿਤਪਾਲ, ਸ੍ਰੀ ਨਸੀਬ ਸਿੰਘ ਸੰਧੂ, ਵਿੱਕੀ ਸਿੱਧੂ, ਰਾਜਵੀਰ ਮੌਂਟੀ ਆਦਿ ਵੀ ਹਾਜਰ ਸਨ।