ਜ਼ਿਲ੍ਹਾ ਪੱਧਰ ’ਤੇ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਨੇ ਕੀਤੀ ਸਮਾਗਮ ਦੀ ਪ੍ਰਧਾਨਗੀ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ 2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੁੱਚੇ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਕਰਮਚਾਰੀਆਂ ਦੇ ਰੂਹਬੂ ਹੋ ਕੇ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ ਕਰਨ ਉਪਰੰਤ ਪੰਜਾਬ ਰਾਜ ਦੇ ਵਸਕੀਨਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪੱਧਰ ਦੇ ਆਨ ਲਾਇਨ ਪ੍ਰੋਗਰਾਮ ਦੀ ਪ੍ਰਧਾਨਗੀ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਨੇ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨ ਕੌਰ ਬਰਾੜ ਸਾਬਕਾ ਵਿਧਾਇਕ, ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ, ਨਰਿੰਦਰ ਕਾਉਣੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਡਾ.ਹਰੀ ਨਰਾਇਣ ਸਿੰਘ ਸਿਵਿਲ ਸਰਜਨ, ਡਾ.ਰੰਜੂ ਸਿੰਗਲਾ ਜ਼ਿਲ੍ਹਾ ਸਿਹਤ ਅਫਸਰ ਵੀ ਹਾਜ਼ਰ ਸਨ। ਅਜਾਇਬ ਸਿੰਘ ਭੱਟੀ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਮੁੱਚੇ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਅਹਿਮ ਯੋਗਦਾਨ ਪਾਇਆ ਹੈ। ਇਸ ਮੌਕੇ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਮੈਡੀਕਲ ਸਟਾਫ ਵਲੋਂ ਕੋਰੋਨਾ ਕਾਲ ਦੌਰਾਨ ਉਹਨਾਂ ਦੇ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਇਲਾਜ ਕਰਨ ਦੇ ਢੰਗ ਸਬੰਧੀ ਕਈ ਤਜ਼ਰਬੇ ਸਾਂਝੇ ਕੀਤੇ ਗਏ। ਜ਼ਿਲ੍ਹਾ ਪੱਧਰ ਦੇ ਡਾਕਟਰਾਂ ਅਤੇ ਸਿਹਤ ਸਟਾਫ ਵਲੋਂ ਭੱਟੀ ਨਾਲ ਗੱਲਬਾਤ ਦੌਰਾਨ ਉਨ੍ਹਾਂ ਇਹ ਵਿਸ਼ਵਾਸ਼ ਦੁਆਇਆ ਕਿ ਸਿਹਤ ਵਿਭਾਗ ਦੀ ਸਮੁੱਚੀ ਟੀਮ ਇਸੇ ਤਰ੍ਹਾਂ ਹੀ ਜ਼ਿਲ੍ਹੇ ਦੇ ਵਸਨੀਕਾਂ ਲਈ ਆਪਣੀਆਂ ਸੇਵਾਵਾਂ ਨਿਭਾਉਂਦੀ ਰਹੇਗੀ। ਡਾਕਟਰਾਂ ਨੇ ਭੱਟੀ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਜੋ ਲੋਕ ਇਸ ਬਿਮਾਰੀ ਦੀ ਲਪੇਟ ਵਿੱਚ ਆ ਜਾਂਦੇ ਹਨ, ਉਨ੍ਹਾਂ ਦੀ ਸਿਹਤਯਾਬੀ ਲਈ ਵੀ ਉਨ੍ਹਾਂ ਦੀ ਟੀਮ ਵਚਨਬੱਧ ਹੈ।
ਵਿਧਾਇਕ ਰਾਜਾ ਵੜਿੰਗ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸੂਬੇ ਵਿੱਚ ਵੱਖ-ਵੱਖ ਸਿਵਿਲ ਹਸਪਤਾਲਾਂ ਅਤੇ ਪਿੰਡਾਂ ਦੇ ਸਿਹਤ ਕੇਂਦਰਾਂ ਵਿੱਚ ਕੰਮ ਕਰ ਰਹੇ ਡਾਕਟਰਾਂ ਅਤੇ ਸਟਾਫ ਦਾ ਮਨੋਬਲ ਉੱਚਾ ਚੁੱਕਣ ਲਈ ਗਿੱਦੜਬਾਹਾ ਦੇ ਐਮ.ਐਲ.ਏ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਵੜਿੰਗ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜੋ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਮੁੱਖ ਮੰਤਰੀ ਨੇ ਲੋਕਾਂ ਨੂੰ ਸਮਰਪਿਤ ਕੀਤਾ ਹੈ, ਉਹ ਇੱਕ ਸ਼ਲਾਘਾਯੋਗ ਯਤਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹਨਾਂ ਸਿਹਤ ਕੇਂਦਰਾਂ ਰਾਹੀਂ ਪੰਜਾਬ ਦੇ ਵਸਨੀਕਾਂ ਦੀ ਸਿਹਤ ਵਿੱਚ ਸੁਧਾਰ ਆਉਣਾ ਸੰਭਾਵਿਕ ਹੈ।