ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ 2020: ਜ਼ਿਲ੍ਹੇ ਅੰਦਰ ਅੱਜ 21 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 7 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 6 ਕੇਸ ਮਲੋਟ, 1 ਕੇਸ ਗਿੱਦੜਬਾਹਾ, 1 ਕੇਸ ਦਾਨੇਵਾਲਾ, 1 ਕੇਸ ਕੱਖਾਂਵਾਲੀ, 1 ਕੇਸ ਸਰਾਏਨਾਗਾ, 1 ਕੇਸ ਬਰੀਵਾਲਾ, 2 ਕੇਸ ਭਲਾਈਆਣਾ ਤੇ 1 ਕੇਸ ਪਿੰਡ ਰੁਪਾਣਾ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 8 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 614 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 520 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 357 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3398 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3099 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 218 ਕੇਸ ਸਰਗਰਮ ਚੱਲ ਰਹੇ ਹਨ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਹੁਣ ਤੱਕ 81 ਮੌਤਾਂ ਵੀ ਹੋ ਚੁੱਕੀਆਂ ਹਨ।