ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ 2020 - ਸ੍ਰੀ ਮੁਕਤਸਰ ਸਾਹਿਬ ’ਚ ਹੋਏ ਇੱਕ ਸੜਕ ਹਾਦਸੇ ’ਚ ਇੱਕ ਮੋਟਰਸਾਇਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਹੈ। ਪਿੰਡ ਸੰਗੂਧੌਣ ਦੇ ਪੰਚਾਇਤ ਮੈਂਬਰ ਗੁਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਜਸਪ੍ਰੀਤ ਸਿੰਘ ਉਰਫ਼ ਕਾਲੂ (28) ਵਾਸੀ ਸੰਗੂਧੌਣ ਜੋ ਲੱਕੜ ਦਾ ਕੰਮ ਕਰਦਾ ਸੀ, ਰੋਜ਼ਾਨਾ ਵਾਂਗ ਕੰਮ ਤੋਂ ਵਾਪਿਸ ਆਪਣੇ ਘਰ ਜਾ ਰਿਹਾ ਸੀ। ਇਸ ਦੌਰਾਨ ਇੱਕ ਕੈਂਟਰ ਪੀਬੀ 03ਏਐਚ 3469 ਕੈਂਟਰ ਦੇ ਨਾਲ ਉਸਦੀ ਟੱਕਰ ਹੋ ਗਈ, ਜਿਸ ਨਾਲ ਉਸਨੂੰ ਗੰਭੀਰ ਸੱਟਾਂ ਵੱਜੀਆਂ, ਜਿਸਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ, ਪਰ ਹਾਲਤ ਗੰਭੀਰ ਹੋਣ ਕਰਕੇ ਉਸਨੂੰ ਲੁਧਿਆਣਾ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ। ਉਧਰ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜੰਗ ਸਿੰਘ ਨੇ ਦੱਸਿਆ ਕਿ ਪੰਚਾਇਤੀ ਮੈਂਬਰ ਗੁਰਜੀਤ ਸਿੰਘ ਦੇ ਬਿਆਨਾਂ ’ਤੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।