- ਵਿਦਿਆਰਥੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ
ਜਲੰਧਰ, 24 ਨਵੰਬਰ 2020 - ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਾਲੇ ਸਾਰੇ ਮੁੱਦਿਆਂ ਦਾ ਬਾਰੀਕੀ ਨਾਲ ਅਧਿਐਨ ਕਰਨ ਲਈ ਪ੍ਰਿੰਸੀਪਲਾਂ, ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਅਤੇ ਵਿਦਿਆਰਥੀਆਂ ਦੀ ਸੰਸਥਾ ਦੀ ਇਕ ਸਾਂਝੀ ਕਮੇਟੀ ਦਾ ਗਠਨ ਕੀਤਾ ਜਾਵੇਗਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵਿਦਿਆਰਥੀਆਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵਿਦਿਆਰਥੀਆਂ ਅਤੇ ਪ੍ਰਿੰਸੀਪਲਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਅਤੇ ਮੁੱਦਿਆਂ 'ਤੇ ਗੌਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ ਦੇ ਸਬੰਧ ਵਿੱਚ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਨੂੰ ਇੱਕ ਵਿਸਥਾਰਤ ਰਿਪੋਰਟ ਬਣਾ ਕੇ ਭੇਜਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਸਾਰੇ ਮੁੱਦਿਆਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਂਝੀ ਕਮੇਟੀ ਦਾ ਗਠਨ ਇਕ ਦਿਨ ਅੰਦਰ ਕਰ ਦਿੱਤਾ ਜਾਵੇਗਾ ਅਤੇ ਯੂਨੀਵਰਸਿਟੀ ਦੀ ਪ੍ਰੀਖਿਆ ਫੀਸ ਸਮੇਤ ਹੋਰ ਮੁੱਦੇ ਬਿਨਾਂ ਕਿਸੇ ਦੇਰੀ ਦੇ ਹੱਲ ਕਰ ਦਿੱਤੇ ਜਾਣਗੇ।
ਥੋਰੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਲਈ ਸਕਾਲਰਸ਼ਿਪ ਪੋਰਟਲ 25 ਨਵੰਬਰ ਨੂੰ ਸ਼ੁਰੂ ਕੀਤੇ ਜਾਣ ਦੀ ਉਮੀਦ ਹੈ ਤਾਂ ਜੋ ਉਹ ਨਵੀਂ ਲਾਂਚ ਕੀਤੀ ਡਾ. ਬੀਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਆਪਣਾ ਨਾਂ ਦਰਜ ਕਰਵਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਰਾਜ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਹਰ ਕੀਮਤ ‘ਤੇ ਰਾਖੀ ਕਰੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਪੂਰਾ ਲਾਭ ਮਿਲਣਾ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਵਿੱਦਿਅਕ ਜੀਵਨ ਵੱਲ ਧਿਆਨ ਕੇਂਦਰਿਤ ਕਰਨ ਲਈ ਕਿਹਾ ਕਿਉਂਕਿ ਰਾਜ ਸਰਕਾਰ ਇਸ ਯੋਜਨਾ ਨੂੰ ਹਰ ਕੀਮਤ 'ਤੇ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਵਿੱਦਿਅਕ ਸੰਸਥਾਵਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨ ਨਾ ਆਉਣ ਦੇਣ।
ਇਸ ਤੋਂ ਪਹਿਲਾਂ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸਡੀਐਮ ਰਾਹੁਲ ਸਿੰਧੂ ਅਤੇ ਡਾ. ਜੈ ਇੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।