ਹਰੀਸ਼ ਕਾਲੜਾ
- ਪੰਜਾਬ ਪ੍ਰਾਪਤੀ ਸਰਵੇਖਣ ਦਾ ਮੁਲਾਂਕਣ ਤੇ ਮਿਸ਼ਨ ਸ਼ਤ-ਪ੍ਰਤੀਸ਼ਤ ਤੇ ਹੋਈ ਚਰਚਾ
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ 2020 - ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 26 ਤੋਂ 28 ਨਵੰਬਰ ਤੱਕ ਮਾਪੇ-ਅਧਿਆਪਕ ਮਿਲਣੀ ਸੁਰੂ ਹੋ ਗਈ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ਚ ਪੰਜਾਬ ਦੇ ਲਗਭਗ 19 ਹਜ਼ਾਰ ਸਰਕਾਰੀ ਪ੍ਰਾਇਮਰੀ, ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨਾਲ ਕੀਤੀ ਜਾਣ ਵਾਲੀ ਉਕਤ ਮਿਲਣੀ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.) ਰਾਜ ਕੁਮਾਰ ਖੋਸਲਾ 'ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਜਰਨੈਲ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ ਜਿਸ ਦੇ ਮੁਲਾਂਕਣ ਲਈ 11 ਨਵੰਬਰ ਤੋਂ ਪੰਜਾਬ ਪ੍ਰਾਪਤੀ ਸਰਵੇਖਣ ਸ਼ੁਰੂ ਕੀਤਾ ਗਿਆ ਸੀ।
ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਰਵੇਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਕੇ ਬੱਚਿਆਂ ਦੇ ਮਾਪਿਆਂ ਨਾਲ ਇਹਨਾਂ ਮਾਪੇ-ਅਧਿਆਪਕ ਮਿਲਣੀਆਂ ਦੌਰਾਨ ਸਾਂਝਾ ਕੀਤਾ ਗਿਆ ਇਸਦੇ ਨਾਲ ਹੀ ਮਿਸ਼ਨ ਸ਼ਤ-ਪ੍ਰਤੀਸ਼ਤ-2021, ਸਕੂਲਾਂ ਵਿੱਚ ਬਣੇ ਇੰਗਲਿਸ਼ ਬੂਸਟਰ ਕਲੱਬਾਂ ਵਿੱਚ ਬੱਚਿਆਂ ਦੀ ਮੈਂਬਰਸ਼ਿਪ, ਇਮਤਿਹਾਨਾਂ ਦੀ ਤਿਆਰੀ ਲਈ ਅਗਵਾਈ, ਆਨ-ਲਾਈਨ ਸਿੱਖਿਆ ਜਿਵੇਂ ਕਿ ਟੈਲੀਵਿਜ਼ਨ, ਪੰਜਾਬ ਐਜੂਕੇਅਰ ਐਪ, ਰੇਡੀਓ ਕਲਾਸਰੂਮ ਅਤੇ ਹੋਰ ਸੋਸ਼ਲ ਮੀਡੀਆ ਪੋਰਟਲਾਂ ਰਾਹੀਂ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਨਾਲ ਹੀ ਕੋਵਿਡ-19 ਦੇ ਸੰਕ੍ਰਮਣ ਦੇ ਬਚਾਅ ਸਬੰਧੀ ਵੀ ਮਾਪਿਆਂ ਨੂੰ ਇਹਨਾਂ ਮਿਲਣੀਆਂ ਦੌਰਾਨ ਅਧਿਆਪਕ ਜਾਗਰੂਕ ਕਰ ਰਹੇ ਹਨ।
ਜਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਸਮੂਹ ਸਕੂਲ ਮੁਖੀ ਤੇ ਅਧਿਆਪਕ, ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਪੜ੍ਹਦੇ ਬੱਚਿਆਂ ਦੇ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਪੰਚਾਇਤ ਮੈਂਬਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਨਤਕ ਸਥਾਨਾਂ ਰਾਹੀਂ ਅਨਾਉਂਸਮੈਂਟ ਕਰਵਾਕੇ, ਮੁਨਿਆਦੀ ਕਰਵਾਕੇ, ਸੋਸ਼ਲ਼ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਜਿਵੇਂ ਕਿ ਫੇਸਬੁੱਕ, ਵਟਸਐਪ, ਟਵਿੱਟਰ ਆਦਿ ਦੀ ਵੱਧ ਤੋਂ ਵੱਧ ਵਰਤੋਂ ਕਰਕੇ, ਪੋਸਟਰ, ਆਡੀਓ-ਵੀਡੀਓ ਸੁਨੇਹੇ ਵਾਇਰਲ ਕਰਕੇ ਅਧਿਆਪਕ, ਸਕੂਲ ਮੁਖੀ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮਾਂ ਬੱਚਿਆਂ, ਮਾਪਿਆਂ ਅਤੇ ਹੋਰ ਕਮਿਊਨਿਟੀ ਮੈਂਬਰਾਂ ਨੂੰ ਮਾਪੇ-ਅਧਿਆਪਕ ਮਿਲਣੀ ਦੀ ਅਗਾਉਂ ਜਾਣਕਾਰੀ ਦੇਣ ਲਈ ਸੁਹਿਰਦ ਉਪਰਾਲੇ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀਆਂ ਸਮੇਂ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਮਾਪੇ-ਅਧਿਆਪਕ ਇਸ ਸਮੇਂ ਮਾਸਕ ਪਾ ਕੇ ਸਮਾਜਿਕ ਵਿੱਥ ਰੱਖ ਕੇ ਇਹ ਮਿਲਣੀਆਂ ਕਰ ਰਹੇ ਹਨ। ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਸੋਵਾਲ ਵਿਖੇ ਇਸ ਮਿਲਣੀ ਦੋਰਾਨ ਮਾਪਿਆਂ ਤੇ ਅਧਿਆਪਕਾਂ ਵਿੱਚ ਕਾਫੀ ਉਤਸ਼ਾਹ ਵੇਖਿਆ ਗਿਆ। ਪ੍ਰਿੰਸੀਪਲ ਰਕੇਸ਼ ਕੁਮਾਰ ਨੇ ਦੱਸਿਆ ਕਿ ਉਹਨਾਂ ਵਲੋਂ ਮਾਪਿਆ ਨਾਲ ਮਿਲਣੀ ਸਮੇਂ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਹੈ। ਸਰਕਾਰੀ ਸਕੂਲ ਦੱਸਗੁਰਾਈ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਐਸ ਪੀ ਸਿੰਘ ਨੇ ਇਥੇ ਪਹੁੰਚ ਕੇ ਮਾਪੇ-ਅਧਿਆਪਕ ਮਿਲਣੀ ਦਾ ਜਾਇਜਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ।