ਅਸ਼ੋਕ ਵਰਮਾ
ਬਠਿੰਡਾ, 28 ਨਵੰਬਰ 2020: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਅਤੇ ਮਜ਼ਦੂਰ ਮਾਰੂ ਤਿੰਨ ਖੇਤੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਦਿੱਲੀ ਵਿਖੇ ਧਰਨੇ ਉਤੇ ਸਾਂਤਮਈ ਤਰੀਕੇ ਨਾਲ ਜਾ ਰਹੇ ਕਿਸਾਨਾਂ ਦੇ ਕਾਫਲਿਆਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਕਿਸਾਨਾਂ ’ਤੇ ਕੀਤੇ ਤਸ਼ੱਦਦ ਦਾ ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਆਗੂਆਂ ਵੱਲੋਂ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ।ਜੱਥੇਬੰਦੀ ਦੇ ਆਗੂਆਂ ਜੋਨਲ ਸਕੱਤਰ ਨਗਿੰਦਰ ਪਾਲ ਸ਼ਰਮਾ, ਸਰਕਲ ਬਠਿੰਡਾ ਦੇ ਪ੍ਰਧਾਨ ਬਲਜਿੰਦਰ ਸ਼ਰਮਾ, ਸਕੱਤਰ ਨਛੱਤਰ ਸਿੰਘ, ਮੀਤ ਸਕੱਤਰ ਮੋਹਨ ਲਾਲ, ਖਜਾਨਚੀ ਭੀਮ ਸੈਨ, ਮੀਤ ਪ੍ਰਧਾਨ ਹਰਜਿੰਦਰ ਸਿੰਘ ਅਤੇ ਸ੍ਰੀ ਮੁਕਤਸਰ ਸਾਹਿਬ ਸਰਕਲ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ’ਚ ਇਸ ਵਰਤਾਰੇ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ, ਮਜਦੂਰਾਂ ਦੀ ਹੱਕ-ਸੱਚ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਅਤੇ ਲੋਕਤੰਤਰ ਦਾ ਘਾਣ ਕਰ ਰਹੀ ਹੈ। ਉਨਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਪੁਲਿਸ ਬਲ ਦੀ ਵਰਤੋਂ ਕਰਕੇ ਕਿਸਾਨਾਂ ਉੱਪਰ ਅੱਥਰੂ ਗੈਸ ਛੱਡਣਾ, ਲਾਠੀਚਾਰਜ ਕਰਨਾ, ਪਾਣੀ ਦੀਆਂ ਬੁਛਾੜਾਂ ਮਾਰਨਾ ਬਹੁਤ ਹੀ ਨਿੰਦਣਯੋਗ ਵਰਤਾਰਾ ਕੀਤਾ ਹੈ ਕਿਉਂਕਿ ਦੇਸ਼ ਦੇ ਹਰ ਇੱਕ ਵਿਅਕਤੀ ਨੂੰ ਆਪਣਾ ਹੱਕ ਮੰਗਣ ਦਾ ਅਧਿਕਾਰ ਹੈ। ਆਗੂਆਂ ਵੱਲੋਂ ਕਿਸਾਨਾਂ ਦੇ ਸ਼ੰਘਰਸ ਦੀ ਪੂਰਨ ਤੌਰ ਤੇ ਹਮਾਇਤ ਕਰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਤੋਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਖੇਤੀ ਬਿੱਲ ਵਾਪਸ ਲੈਣ ਦੀ ਮੰਗ ਕੀਤੀ ਗਈ।