ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 28 ਨਵੰਬਰ 2020 - ਪੰਜਾਬ ਦੇ ਸੈਰ ਸਪਾਟਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੰਜੈ ਕੁਮਾਰ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਲਗਾਈ ਗਈ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ। ਸੈਰ ਸਪਾਟਾ ਵਿਭਾਗ ਵਲੋਂ ਇਤਿਹਾਸਿਕ ਇਮਾਰਤ ਹਦੀਰਾ ਦੇ ਨੇੜੇ ਲਗਾਈ ਗਈ ਇਸ ਪ੍ਰਦਰਸ਼ਨੀ ਵਿੱਚ ਸਿੱਖ ਗੁਰੂ ਸਾਹਿਬਾਨਾਂ, ਪੰਜਾਬ ਦੇ ਵਿਰਸੇ ਅਤੇ ਪੁਰਾਤਨ ਦਸਤਾਵੇਜ਼ਾਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ ਤਾਂ ਜੋ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵੱਡਮੁੱਲੀ ਜਾਣਕਾਰੀ ਦਿੱਤੀ ਜਾ ਸਕੇ। ਇਸ ਮੌਕੇ ਉਨਾਂ ਨਾਲ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਕੇ.ਪੀ.ਬਰਾੜ, ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪੱਲ ਵੀ ਨਾਲ ਸਨ।
ਸੰਜੈ ਕੁਮਾਰ ਨੇ ਇਸ ਮੌਕੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਵੀ ਸੈਰ ਸਪਾਟਾ ਵਿਭਾਗ ਵਲੋਂ ਪ੍ਰਦਰਸ਼ਨੀ ਲਗਾਈ ਗਈ ਸੀ ਜਿਸ ਵਿੱਚ ਪੁਰਾਤਨ ਸਿੱਕੇ, ਪੁਰਾਤਨ ਬੀੜਾ ਦੇ ਸੰਗਤ ਵਲੋਂ ਵੱਡੀ ਗਿਣਤੀ ਵਿੱਚ ਦਰਸ਼ਨ ਕੀਤੇ ਗਏ ਹਨ। ਉਨਾਂ ਦੱਸਿਆ ਕਿ ਵਿਭਾਗ ਦੀਆਂ ਪ੍ਰਦਰਸ਼ਨੀਆਂ ਦਾ ਮੁੱਖ ਮੰਤਵ ਨੌਜਵਾਨ ਪੀੜੀ ਨੂੰ ਅਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨਾ ਹੈ।
ਇਸ ਤੋਂ ਪਹਿਲਾਂ ਉਨਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਇਸ ਮੌਕੇ ਸੈਰ ਸਪਾਟਾ ਵਿਭਾਗ ਦੇ ਵਧੀਕ ਡਾਇਰੈਕਟਰ ਲਖਮੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਡੀ.ਐਮ.ਡਾ.ਚਾਰੂਮਿਤਾ ਵੀ ਹਾਜ਼ਰ ਸਨ।