ਬਲਵਿੰਦਰ ਸਿੰਘ ਧਾਲੀਵਾਲ
- ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਗੁਰ ਪੁਰਬ ਸਮਾਗਮਾਂ 'ਚ ਸਿਰਕਤ ਕਰਨ ਦਾ ਸੱਦਾ
- ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਨਿਯਮਾਂ ਦੇ ਪਾਲਣ ਦੀ ਅਪੀਲ
ਕਪੂਰਥਲਾ, 29 ਨਵੰਬਰ 2020 - ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮ 30 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪੱਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਵੇਰੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਵੱਖ-ਵੱਖ ਸਮਾਗਮਾਂ ਵਿੱਚ ਸਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਉਨਾਂ ਦੇ ਨਾਲ ਪੰਜਾਬ ਕੈਬਨਿਟ ਦੇ ਹੋਰ ਮੰਤਰੀ ਸਾਹਿਬਾਨ ਅਤੇ ਉਘੀਆਂ ਸਖ਼ਸੀਅਤਾਂ ਵੀ ਸ਼ਾਮਿਲ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਪੰਜਾਬ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਿਤ ਕਰਨ ਲਈ ਸਮਾਰਟ ਸਿਟੀ ਪ੍ਰੋਜੈਕਟ ਤਹਿਤ 40 ਕਰੋੜ ਰੁਪਏ ਤੋਂ ਵੱਧ ਦੇ ਛੇ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ, ਜਿਨ੍ਹਾਂ ਵਿੱਚ ਕਿਲ੍ਹਾ ਸਰਾਏ ਦਾ ਨਵੀਨੀਕਰਨ 6.52 ਕਰੋੜ ਰੁਪਏ, ਸਰਕਾਰੀ ਸਕੂਲ ਵਿਖੇ ਸੋਲਰ ਪਾਵਰ ਪਲਾਂਟ ਦੀ ਸਥਾਪਨਾ 125.37 ਲੱਖ ਰੁਪਏ, ਸਮਾਰਟ ਆਂਗਨਵਾੜੀ ਦੀ ਸਥਾਪਨਾ 45 ਲੱਖ ਰੁਪਏ, ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 9.50 ਕਰੋੜ ਰੁਪਏ, ਸੀਵਰੇਜ ਟਰੀਟਮੇਂਟ ਪਲਾਂਟ 20 ਕਰੋੜ ਰੁਪਏ, ਨਵਾਂ ਤਹਿਸੀਲ ਕੰਪਲੈਕਸ 3 ਕਰੋੜ ਰੁਪਏ ਸ਼ਾਮਿਲ ਹਨ।
ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ ਪੁਰਬ ਮੌਕੇ ਗੁਰੂ ਘਰ ਨਤਮਸਤਕ ਹੋਣ ਦਾ ਖੁੱਲਾ ਸੱਦਾ ਦਿੱਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਨਿਯਮਾਂ ਦੀ ਪਾਲਣਾ ਜਿਵੇਂ ਕਿ ਮਾਸਕ ਪਾਉਣਾ, ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣਾ ਅਤੇ ਸਾਬਣ ਜਾਂ ਸੈਨੀਟਾਈਜ਼ਰ ਨਾਲ ਹੱਥਾਂ ਨੂੰ ਸਾਫ਼ ਸੁਥਰਾ ਰੱਖਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।