ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ 2020 - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੇ ਸਹਿਯੋਗ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਕਰਾਏ ਗਏ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਸਾਰਾ ਦਿਨ ਧਾਰਮਿਕ ਸਮਾਗਮ ਚੱਲਦੇ ਰਹੇ, ਜਿਸ ਵਿੱਚ ਰਾਗੀ, ਢਾਡੀ, ਕਵਿਸ਼ਰ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ। ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਈ।
ਇਸ ਮੌਕੇ ਸ਼ਰਧਾਲੂ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਦੇ ਰਹੇ। ਸੰਗਤਾਂ ਨੇ ਵੱਡੀ ਗਿਣਤੀ ਵਿੱਚ ਗੁਰਪੁਰਬ ਮੌਕੇ ਗੁਰਦੁਆਰਾ ਸਾਹਿਬ ਪੁੱਜ ਕੇ ਸੇਵਾ ਕੀਤੀ ਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਵੀ ਸਾਰਾ ਦਿਨ ਚੱਲਿਆ। ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਇਲਾਵਾ ਸ਼ਹਿਰ ਵਿੱਚ ਵੀ ਵੱਖ-ਵੱਖ ਥਾਵਾਂ ’ਤੇ ਸਭਾ ਸੁਸਾਇਟੀਆਂ ਵੱਲੋਂ ਗੁਰੂ ਕੇ ਲੰਗਰ ਲਗਾਏ ਗਏ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ, ਕੁਲਵੰਤ ਸਿੰਘ, ਚਾਨਣ ਸਿੰਘ, ਚਰਨਜੀਤ ਸਿੰਘ, ਜਗਸੀਰ ਸਿੰਘ, ਗੁਰਪਾਲ ਸਿੰਘ ਸਮੇਤ ਇਲਾਕੇ ਦੀ ਸੰਗਤ ਨੇ ਹਾਜ਼ਰੀ ਲਗਾਈ।