ਅਸ਼ੋਕ ਵਰਮਾ
ਬਠਿੰਡਾ, 30 ਨਵੰਬਰ 2020 - ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਦਿੱਲੀ ਧਰਨੇ ’ਚ ਮਰੇ ਕਿਸਾਨ ਦਾ ਅੰਤਮ ਸਸਕਾਰ ਨਾ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਜੱਥੇਬੰਦੀ ਨੇ ਸਰਕਾਰ ਅੱਗੇ ਕੁੱਝ ਮੰਗਾਂ ਰੱਖੀਆਂ ਹਨ ਜਿਹਨਾਂ ਦੇ ਪੂਰਾ ਹੋਣ ਤੇ ਹੀ ਆਖਰੀ ਰਸਮਾਂ ਨਿਭਾਈਆਂ ਜਾਣਗੀਆਂ। ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਨੂੰ ਇਸ ਸਬੰਧ ’ਚ ਪੱਤਰ ਵੀ ਲਿਖਿਆ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਅੱਜ ਇਸ ਮਾਮਲੇ ’ਚ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। ਗੌਰਤਲਬ ਹੈ ਕਿ ਕਿਸਾਨੀ ਸੰਘਰਸ਼ ’ਚ ਸ਼ਾਮਿਲ ਗੱਜਣ ਸਿੰਘ (55) ਪੁੱਤਰ ਪਾਲਾ ਸਿੰਘ ਵਾਸੀ ਪਿੰਡ ਖਟਰਾ ਜ਼ਿਲ੍ਹਾ ਲੁਧਿਆਣਾ ਦੀ ਮੌਤ ਹੋ ਗਈ ਹੈ ਜਿਸ ਲਈ ਕਿਸਾਨਾਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ।
ਯੂਨੀਅਨ ਦੇ ਸੂਬਾ ਜਰਨਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਦਿੱਲੀ ਆਉਣ ਵੇਲੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੌਛਾੜਾਂ ਮਾਰੀਆਂ ਗਈਆਂ ਸਨ। ਉਹਨਾਂ ਦੱਸਿਆ ਕਿ ਸਰਕਾਰਾਂ ਦੇ ਇਸ ਬੇਰੁਖੀ ਵਾਲੇ ਰਵੱਈਏ ਕਾਰਨ ਕਿਸਾਨ ’ਤੇ ਬੋਝ ਸੀ ਜਿਸ ਦੇ ਸਿੱਟੇ ਵਜੋਂ ਹੀ ਉਸਦੀ ਬਹਾਦਰਗੜ ਦੇ ਟਿਕਰੀ ਬਾਰਡਰ ’ਤੇ ਮੌਤ ਹੋ ਗਈ। ਕਿਸਾਨ ਆਗੂਆਂ ਨੇ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਮਿ੍ਰਤਕ ਕਿਸਾਨ ਦਾ ਸਸਕਾਰ ਰਾਜਘਾਟ ਦਿੱਲੀ ਵਿਖੇ ਕੀਤਾ ਜਾਵੇ, ਇੱਕ ਜੀਅ ਨੂੰ ਕੇਂਦਰ ਸਰਕਾਰ ਵੱਲੋਂ ਸਰਕਾਰੀ ਨੌਕਰੀ ਦਿੱਤੀ ਜਾਵੇ । ਇਸ ਤੋਂ ਇਲਾਵਾ ਮਾੜੇ ਪ੍ਰਬੰਧਾਂ ਦੇ ਕਾਰਨ ਹਰਿਆਣਾ ਸਰਕਾਰ ਖਿਲਾਫ਼ ਤੇ ਗੱਜਣ ਸਿੰਘ ਦੀ ਮੌਤ ਦੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ।
ਉਹਨਾਂ ਕਿਹਾ ਕਿ ਕਿਸਾਨ ਦੀ ਮੌਤ ਨਾਲ ਪਰਿਵਾਰ ਨੂੰ ਪਿਆ ਘਾਟਾ ਕਰੋੜਾਂ ਰੁਪਏ ’ਚ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਹੈ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਗੱਜਣ ਸਿੰਘ ਦੀ ਮ੍ਰਿਤਕ ਦੇਹ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖੀ ਹੋਈ ਹੈ । ਉਹਨਾਂ ਦੱਸਿਆ ਕਿ ਜੱਥੇਬੰਦੀ ਦੀ ਅਧਿਕਾਰੀਆਂ ਨਾਲ ਇਸ ਸਬੰਧੀ ਗੱਲਬਾਤ ਹੋਈ ਹੈ ਜਿਸ ’ਚ ਮੰਗਲਵਾਰ ਸਵੇਰ 11 ਵਜੇ ਤੱਕ ਦੀ ਮੋਹਲਤ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਸਭ ਤੋਂ ਪਹਿਲਾਂ ਕਾਲੇ ਕਾਨੂੰਨ ਰੱਦ ਕੀਤੇ ਜਾਣ ਅਤੇ ਮ੍ਰਿਤਕ ਕਿਸਾਨ ਨਾਲ ਸਬੰਧਤ ਮੰਗਾਂ ਪੂਰੀਆਂ ਹੋਣ ਤਾਂ ਹੀ ਸਸਕਾਰ ਕੀਤਾ ਜਾਵੇਗਾ।
ਉਹਨਾਂ ਆਖਿਆ ਕਿ ਮੰਗਾਂ ਪੂਰੀਆਂ ਨਾ ਹੋਣ ਤੇ ਕਿਸਾਨ ਸਿਵਲ ਹਸਪਤਾਲ ਦੇ ਸਾਹਮਣੇ ਵੀ ਧਰਨਾ ਲਾਉਣਗੇ। ਕਿਸਾਨ ਆਗੂ ਨੇ ਦੱਸਿਆ ਕਿ ਖੇਤੀ ਬਿੱਲਾਂ ਖਿਲਾਫ਼ ਸੰਘਰਸ਼ ਦੇ ਮੈਦਾਨ ’ਚੋਂ ਅੱਜ ਲਗਾਤਾਰ ਦੂਜੇ ਦਿਨ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਉਹਨਾਂ ਦੱਸਿਆ ਕਿ ਪਹਿਲਾਂ ਧਨੌਲਾ ਨਾਲ ਸਬੰਧਿਤ ਮਿਸਤਰੀ ਦੀ ਮੌਤ ਹੋ ਗਈ ਸੀ ਜਦੋਂਕਿ ਅੱਜ ਜ਼ਿਲ੍ਹਾ ਲੁਧਿਆਣਾ ਦੇ ਕਿਸਾਨ ਚੱਲ ਵੱਸਿਆ ਹੈ। ਉਹਨਾਂ ਦੱਸਿਆ ਕਿ ਕਿਸਾਨ ਦਾ ਸਸਕਾਰ ਨਵੀਂ ਦਿੱਲੀ ਦੇ ਰਾਜਘਾਟ ਵਿਖੇ ਕਰਨ ਤੋਂ ਇਲਾਵਾ ਹੋਰ ਮੰਗਾਂ ਸਬੰਧੀ ਜੱਥੇਬੰਦੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ ਜਿਸ ਦਾ ਜਵਾਬ ਆਉਣ ਤੇ ਹੀ ਅਗਲੀ ਰਣਨੀਤੀ ਘੜੀ ਜਾਏਗੀ।