ਪਰਵਿੰਦਰ ਸਿੰਘ ਕੰਧਾਰੀ
- ਮਾਸਕ ਨਾ ਪਾਉਣ 'ਤੇ ਜੁਰਮਾਨਾ 500 ਤੋਂ ਵਧਾ ਕੇ ਕੀਤਾ 1000 ਰੁਪਏ
- ਹੋਟਲ, ਰੈਸਟੋਰੈਂਟ ਤੇ ਮੈਰਿਜ ਪੈਲੇਸ ਰਾਤ 9:30 ਵਜੇ ਤੱਕ ਬੰਦ ਕਰਨਾ ਬਣਾਉਣ ਯਕੀਨੀ
ਫਰੀਦਕੋਟ, 1 ਦਸੰਬਰ 2020 - ਜ਼ਿਲ੍ਹਾ ਮੈਜਿਸਟਰੇਟ ਵਿਮਲ ਕੁਮਾਰ ਸੇਤੀਆ ਵੱਲੋਂ ਗ੍ਰਹਿ ਮਾਮਲੇ ਤੇ ਨਿਆ ਵਿਭਾਗ ਪੰਜਾਬ ਸਰਕਾਰ ਤੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ 1 ਦਸੰਬਰ ਤੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲੇ ਦੇ ਸ਼ਹਿਰੀ ਖੇਤਰਾਂ ਵਿਚ ਗੈਰ ਜ਼ਰੂਰੀ ਗਤੀਵਿਧੀਆਂ ਦੀ ਆਵਾਜਾਈ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਰੂਰੀ ਗਤੀਵਿਧੀਆਂ ਜਿਵੇਂ ਕਿ ਇੰਡਸਟਰੀਆਂ 'ਚ ਮਲਟੀਪਲ ਸ਼ਿਫਟ, ਸਰਕਾਰੀ ਅਤੇ ਪ੍ਰਾਇਵੇਟ ਦਫਤਰਾਂ, ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਵਿਅਕਤੀਆਂ ਅਤੇ ਸਮਾਨ ਦੀ ਆਵਾਜਾਈ, ਸਮਾਨ ਦੀ ਲੋਡਿੰਗ ਤੇ ਅਣਲੋਡਿੰਗ, ਕਾਰਗੋ ਤੇ ਬੱਸਾਂ ਟਰੇਨਾਂ ਅਤੇ ਹਵਾਈ ਜਹਾਜਾਂ ਤੋਂ ਉਤਰ ਕੇ ਆਪਣੀ ਮੰਜ਼ਿਲ ਵੱਲ ਜਾ ਰਹੇ ਰਾਹਗੀਰਾਂ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਹੋਟਲ ਮਾਲਕ, ਪ੍ਰਾਹੁਣਚਾਰੀ ਸੇਵਾਵਾਂ, ਰੈਸਟੋਰੈਂਟ ਤੇ ਮੈਰਿਜ ਪੈਲੇਸ, ਸ਼ੋਪਿੰਗ ਮਾਲਸ, ਮਲਟੀਪਲੈਕਸ ਸਮੇਤ ਰੈਸਟੋਰੈਂਟ ਤੇ ਹੋਟਲ ਰਾਤ 9:30 ਵਜੇ ਤੱਕ ਬੰਦ ਕਰਨਾ ਯਕੀਨੀ ਬਣਾਉਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਘੱਟੋ-ਘੱਟ 6 ਫੁਟ ਦੀ ਦੂਰੀ ਜ਼ਰੂਰ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜਨਤਕ ਤੇ ਕੰਮ ਕਰਨ ਵਾਲੀਆਂ ਥਾਵਾਂ ਤੇ ਮਾਸਕ ਦੀ ਵਰਤੋਂ ਲਾਜ਼ਮੀ, ਥੁੱਕਣ 'ਤੇ ਮਨਾਹੀ ਅਤੇ ਹੱਥਾਂ ਨੂੰ ਵਾਰ-ਵਾਰ ਧੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮਾਸਕ ਨਾ ਪਾਉਣ ਵਾਲੇ ਅਤੇ ਜਨਤਕ ਥਾਵਾਂ 'ਤੇ ਥੁੱਕਣ ਵਾਲਿਆਂ ਲਈ ਜੁਰਮਾਨਾ 500 ਤੋਂ ਵਧਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ।