ਰਜਨੀਸ਼ ਸਰੀਨ
- ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਵਰਚੂਅਲ ਢੰਗ ਨਾਲ ਅਧਿਕਾਰੀਆਂ ਤੇ ਦਿਵਿਆਂਗ ਵਿਅਕਤੀਆਂ ਨੂੰ ਕੀਤਾ ਸੰਬੋਧਨ
ਨਵਾਂਸ਼ਹਿਰ, 4 ਦਸੰਬਰ 2020 - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਐਨ. ਆਈ. ਸੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਅਧਿਕਾਰੀਆਂ, ਸਵੈ-ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮਤਰੀ ਅਰੁਨਾ ਚੌਧਰੀ ਨਾਲ ਆਨਲਾਈਨ ਮਾਧਿਅਮ ਰਾਹੀਂ ਮੀਟਿੰਗ ਵੀ ਕੀਤੀ ਗਈ। ਵਰਚੂਅਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਲਈ ਇਕ ਨਵੀਂ ਯੋਜਨਾ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ ਯੋਜਨਾ’ (ਪੀ. ਡੀ. ਐਸ. ਵਾਈ) ਸੂਬੇ ਭਰ ਵਿਚ ਪੜਾਅਵਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰੀ ਨੌਕਰੀਆਂ ਵਿਚ ਦਿਵਿਆਂਗ ਵਿਅਕਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਿਆ ਜਾਵੇਗਾ।
ਇਸ ਦੌਰਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਇਨਾਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਜ਼ਿਲੇ ਵਿਚ ਕੋਈ ਵੀ ਦਿਵਿਆਂਗ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਜਾਂ ਗੈਰ-ਸਰਕਾਰੀ ਸੁਵਿਧਾਵਾਂ ਦਾ ਲਾਭ ਲੈਣ ਲਈ ਆਪਣੇ ਵਿਲੱਖਣ ਪਹਿਚਾਣ ਕਾਰਡ ਬਣਵਾਉਣੇ ਯਕੀਨੀ ਬਣਾਉਣ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਇਸ ਮੋਕੇ ਕਿਹਾ ਕਿ ਵਿਭਾਗ ਦਿਵਿਆਂਗ ਵਿਅਕਤੀਆਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਉਨਾਂ ਨੂੰ ਹਰੇਕ ਤਰਾਂ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਅਤੇ ਉਨਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।