ਹਰੀਸ਼ ਕਾਲੜਾ
- ਸ੍ਰੀ ਅਨੰਦਪੁਰ ਸਾਹਿਬ ਵਿੱਚ ਰਿੰਗ ਰੋਡ,ਬਾਈਪਾਸ ਅਤੇ ਕੀਰਤਪੁਰ ਸਾਹਿਬ ਤੋਂ ਸ਼ਾਹਪੁਰ ਤੱਕ ਪੁੱਲ ਬਣਾਉਣ ਦੀ ਮੰਗ ਉਠਾਈ-ਸਪੀਕਰ
ਨੰਗਲ, 4 ਦਸੰਬਰ 2020 :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸਬੰਧੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਅੱਜઠਨਗਰ ਕੌਂਸਲ ਨੰਗਲ ਦਫ਼ਤਰ ਵਿਖੇ ਅਟੈਂਡ ਕੀਤੀ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਾਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ 2021 ਵਿੱਚ ਮਨਾਇਆ ਜਾ ਰਿਹਾ ਹੈ ਜਿਸ ਸਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਵਿਚਾਰ ਵਟਾਂਦਰਾ ਕੀਤਾ ਹੈ। ਉਹਨਾਂ ਕਿਹਾ ਕਿ ਮੀਟਿੰਗ ਵਿੱਚ ਸ੍ਰੀ ਗੁਰੂ ਤੇਗ ਬਹਾਦਾਰ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਆਲੇ ਦੁਆਲੇ ਦਾ ਵਿਕਾਸ ਕਰਵਾਉਣ ਦਾ ਮੁੱਦਾ ਉਠਾਇਆ ਹੈ ਇਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਦਾ ਰਿੰਗ ਰੋਡ, ਬਾਈਪਾਸ, ਸੀਵਰੇਜ ਅਤੇ ਕੀਰਤਪੁਰ ਸਾਹਿਬ ਤੋ ਸ਼ਾਹਪੁਰ ਤੱਕ ਪੁੱਲ ਦਾ ਨਿਰਮਾਣ ਅਤੇ ਆਲੇ ਦੁਆਲੇ ਦੇ ਗੁਰੂ ਸਾਹਿਬ ਨਾਲ ਸਬੰਧਤ ਅਸਥਾਨਾਂ ਦੇ ਵਿਕਾਸ ਦੀ ਮੰਗ ਉਠਾਈ ਗਈ ਹੈ। ਇਸ ਮੀਟਿੰਗ ਵਿੱਚ ਭਾਈ ਜੈਤਾ ਜੀ ਦੀ ਯਾਦਗਾਰ ਨੂੰ ਮੁਕੰਮਲ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਗੁਰੂ ਨਗਰੀ ਦੇ ਹੋਰ ਸੁੰਦਰੀਕਰਨ ਲਈ ਕਈ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਹੋਇਆ। ਉਹਨਾਂ ਉਮੀਦ ਜਤਾਈ ਕਿ ਸਰਕਾਰ ਜਲਦੀ ਹੀ ਇਹਨਾਂ ਪ੍ਰੋਜੈਕਟਾਂ ਨੂੰ ਮਨਜੂਰੀ ਆਉਣ ਤੇ ਅਮਲ ਵਿੱਚ ਲਿਆਵੇਗੀ।
ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਪ੍ਰੈਲ-ਮਈ 2021 ਦੌਰਾਨ ਸੂਬਾ ਪੱਧਰ 'ਤੇ ਮਨਾਏ ਜਾਣ ਵਾਲੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦਾ ਲੋਗੋ ਵਰਚੁਅਲ ਢੰਗ ਨਾਲ ਜਾਰੀ ਕੀਤਾ ਹੈ।
ਸਪੀਕਰ ਨੇ ਕਿਹਾ ਕਿ ਇਨ੍ਹਾਂ ਜਸ਼ਨਾਂ ਸਬੰਧੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਹੈ ਕਿ ਦੇਸ਼ ਦੇ ਧਰਮ ਨਿਰਪੱਖ ਢਾਂਚੇ ਨੂੰ ਵੇਖਦੇ ਹੋਏ 'ਹਿੰਦ ਦੀ ਚਾਦਰ' ਦੇ ਸਾਲ ਭਰ ਚੱਲਣ ਵਾਲੇ ਜਸ਼ਨਾਂ ਨੂੰ 'ਸਰਬ ਧਰਮ' ਵਰ੍ਹੇ ਵਜੋਂ ਸਮਰਪਿਤ ਕੀਤਾ ਜਾਵੇ। ਉਹਨਾਂ ਦੱਸਿਆ ਕਿ ਵਰਚੁਅਲ ਮੀਟਿੰਗ ਦੌਰਾਨ ਇਹ ਵੀ ਤੈਅ ਕੀਤਾ ਗਿਆ ਕਿ ਮੁੱਖ ਪ੍ਰੋਗਰਾਮ 23 ਅਪ੍ਰੈਲ, 2021 ਨੂੰ ਸ਼ੁਰੂ ਹੋ ਕੇ 1 ਮਈ ਨੂੰ ਸ਼ਾਨਦਾਰ ਢੰਗ ਨਾਲ ਸਮਾਪਤ ਹੋਵੇ।
ਉਹਨਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਡਾ ਇਹ ਸੁਝਾਅ ਵੀ ਮਨਜ਼ੂਰ ਕਰ ਲਿਆ ਕਿ ਗੁਰੂ ਸਾਹਿਬ ਨਾਲ ਜੁੜੇ ਦੋ ਕਸਬਿਆਂ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਲਈ ਵੱਖਰੇ ਤੌਰ 'ਤੇ ਵਿਕਾਸ ਪ੍ਰਾਜੈਕਟ ਅਤੇ ਫੰਡ ਦਾ ਉਪਬੰਧ ਕੀਤਾ ਜਾਵੇ। ਉਹਨਾਂ ਕਿਹਾ ਕਿ ਇਤਿਹਾਸਕ ਨਗਰਾਂ ਤੇ ਆਲੇ ਦੁਆਲੇ ਦੇ ਸੁੰਦਰੀਕਰਨ ਲਈ ਯੋਜਨਾਬੱਧ ਢੰਗ ਨਾਲ ਵਿਕਾਸ ਕਰਵਾਇਆ ਜਾਵੇਗਾ।