ਨਵੀਂ ਦਿੱਲੀ, 5 ਦਸੰਬਰ 2020 - ਸੰਯੁਕਤ ਰਾਸ਼ਟਰ (ਯੂ ਐਂ) ਦੇ ਮੁਖੀ ਐਂਟੋਨੀਓ ਗੁਟੇਰੇਸ ਦੇ ਮੁੱਖ ਬੁਲਾਰੇ ਅਤੇ ਬ੍ਰਿਟੇਨ ਦੀ ਪਾਰਲੀਮੈਂਟ ਦੇ 36 ਮੈਂਬਰਾਂ ਦਾ ਗਰੁੱਪ ਅੰਦੋਲਨ ਕਰ ਰਹੇ ਭਾਰਤੀ ਕਿਸਾਨਾਂ ਦੇ ਹੱਕ 'ਚ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਅਜਿਹਾ ਕਰਨ ਦੇਣਾ ਚਾਹੀਦਾ ਹੈ।
ਬ੍ਰਿਟੇਨ ਦੇ ਤਕਰੀਬਨ ਤਿੰਨ ਦਰਜਨ ਸੰਸਦ ਮੈਂਬਰਾਂ ਨੇ ਯੂ ਐਨ ਦੇ ਸਕੱਤਰ ਡੋਮਿਨਿਕ ਰਾਬ ਨੂੰ ਇੱਕ ਪੱਤਰ ਲਿਖ ਕੇ ਭਾਰਤ ਸਰਕਾਰ ਉੱਤੇ ਦਬਾਅ ਬਣਾਉਣ ਲਈ ਕਿਹਾ ਸੀ। ਇਨ੍ਹਾਂ ਸੰਸਦ ਮੈਂਬਰਾਂ ਦੀ ਅਗਵਾਈ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕਰ ਰਹੇ ਹਨ। ਇਨ੍ਹਾਂ ਸੰਸਦ ਮੈਂਬਰਾਂ ਨੇ ਪੱਤਰ ਵਿੱਚ ਬੇਨਤੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਸਿੱਖ ਕਿਸਾਨਾਂ ਦੇ ਹੱਕ ਵਿੱਚ ਭਾਰਤ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ।
ਜਿਸ 'ਤੇ ਯੂ ਐਨ ਨੇ ਭਾਰਤੀ ਕਿਸਾਨਾਂ ਦੀ ਹਮਾਇਤ ਕੀਤੀ ਹੈ। ਯੂ ਐਨ ਵੱਲੋਂ ਇਹ ਪ੍ਰਤੀਕ੍ਰਿਆ ਉਦੋਂ ਸਾਹਮਣੇ ਆਈ ਹੈ ਜਦੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉਸਦੀਆਂ ਪੁਰਾਣੀਆਂ ਟਿੱਪਣੀਆਂ ਪ੍ਰਤੀ ਭਾਰਤ ਦੀ ਸਖਤ ਪ੍ਰਤੀਕ੍ਰਿਆ ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨਾਂ ਲਈ ਆਪਣੇ ਸਮਰਥਨ ਨੂੰ ਦੁਹਰਾਇਆ ਕਿ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਕੈਨੇਡਾ ਹਮੇਸ਼ਾ ਮੌਜੂਦ ਰਹੇਗਾ।