ਹਰੀਸ਼ ਕਾਲੜਾ
ਰੂਪਨਗਰ, 25 ਜਨਵਰੀ 2021: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਦੀ ਅਗਵਾਈ ਵਿੱਚ ਇਲੈਕਟੋਰਲ ਲਿਟਰੇਸੀ ਕਲੱਬ, ਸਰਕਾਰੀ ਕਾਲਜ ਰੋਪੜ ਵੱਲੋਂ ਜਿਲ੍ਹਾ ਪ੍ਰਸ਼ਾਸਨ ਨਾਲ ਮਿਲਕੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਦਿਵਸ ਤੇ ਡਿਪਟੀ ਕਮਿਸ਼ਨਰ, ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰਿ ਵੱਲੋਂ ਸਰਕਾਰੀ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਭਾਰਤ ਦੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਹੋਏ ਆਪਣੀ ਵੋਟ ਦਾ ਠੀਕ ਇਸਤੇਮਾਲ ਕਰਨ ਅਤੇ ਸੁਤੰਤਰ ਚੋਣਾਂ ਦੀ ਗਰਿਮਾ ਨੂੰ ਬਰਕਰਾਰ ਰੱਖਣ ਦੀ ਸਹੁੰ ਚੁਕਾਈ ਗਈ। ਉਹਨਾਂ ਨੇ ਸਾਰੇ ਨਾਗਰਿਕਾ ਨੂੰ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਣ ਅਤੇ ਵੋਟ ਦੀ ਮਹੱਤਤਾ ਬਾਰੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਜੀ ਵੱਲੋਂ ਵਿਦਿਆਰਥੀਆਂ ਨੂੰ ਵੋਟ ਬਣਾਉਣ ਬਾਰੇ ਅਤੇ ਇਸ ਦੇ ਸਹੀ ਇਸਤੇਮਾਲ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਵੋਟਾਂ ਵਿੱਚ ਸਹੀ ਸਹਿਭਾਗਤਾ ਬਾਰੇ ਨਹਿਰੂ ਯੂਵਾ ਕੇਂਦਰ ਵੱਲੋਂ ਆਯੋਜਿਤ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਵਾਈਸ ਪ੍ਰਿੰਸੀਪਲ ਪ੍ਰੋ. ਜਤਿੰਦਰ ਸਿੰਘ ਗਿੱਲ ਈ.ਐਲ.ਸੀ. ਸਰਕਾਰੀ ਕਾਲਜ ਰੂਪਨਗਰ ਦੇ ਕਨਵੀਨਰ ਡਾ. ਕੁਲਵੀਰ ਕੌਰ, ਡਾ. ਹਰਪ੍ਰੀਤ ਕੌਰ, ਪ੍ਰੋ. ਦੀਪੇਂਦਰ ਸਿੰਘ, ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਨੀਰੂ ਚੋਪੜਾ ਅਤੇ ਪ੍ਰੋ. ਆਰਤੀ ਰਾਣੀ ਹਾਜ਼ਿਰ ਸਨ।