ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 17 ਅਪ੍ਰੈਲ 2021 - ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਪੰਜਾਬ ਮੰਡੀ ਬੋਰਡ,ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਕਰੋਨਾ ਤੋਂ ਬਚਾਅ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ/ਹਦਾਇਤਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਰੋਨਾ ਦੀ ਲਾਗ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਸਮੂਹ ਮੁਲਾਜ਼ਮਾਂ ਆਦਿ ਨੂੰ ਵੀ ਕਿਹਾ ਕਿ ਕਰੋਨਾ ਸਾਵਧਾਨੀਆਂ ਪ੍ਰਤੀ ਵਰਤੀ ਜਾਣ ਵਾਲੀ ਅਣਗਹਿਲੀ ਸਾਡੇ ਸਾਰਿਆਂ ਲਈ ਖਤਰਨਾਕ ਸਾਬਤ ਹੋ ਸਕਦੀ ਹੈ। ਇਸ ਲਈ ਖ਼ਰੀਦ ਕੇਂਦਰਾਂ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣਾ, ਸੈਨੇਟਾਈਜ਼ਰ ਦੀ ਵਰਤੋ ਸਮੇਤ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ । ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨ,ਆੜਤੀਆਂ,ਲੇਬਰ ਆਦਿ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਖਰੀਦ ਉਪਰੰਤ ਮੰਡੀਆਂ ਵਿੱਚੋਂ ਲਿਫਟਿੰਗ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆਂ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਜਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ 1 ਲੱਖ 73 ਹਜ਼ਾਰ 322 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਦੋਂ ਕਿ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 1 ਲੱਖ 54 ਹਜ਼ਾਰ 685 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਲਿਫਟਿੰਗ ਦਾ ਕੰਮ ਵੀ ਸੁਚੱਜੇ ਢੰਗ ਨਾਲ ਸ਼ੁਰੂ ਹੋ ਗਿਆ ਹੈ ਤੇ ਕੱਲ ਸ਼ਾਮ ਤੱਕ 20 ਹਜ਼ਾਰ ਮੀਟਰਕ ਟਨ ਦੇ ਕਰੀਬ ਕਣਕ ਦੀ ਲਿਫਟਿੰਗ ਵੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ 68 ਸਰਕਾਰੀ ਖਰੀਦ ਕੇਂਦਰ ਹਨ ਜਿੰਨਾਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੱਲ ਸ਼ਾਮ ਤੱਕ ਪਨਗਰੇਨ ਵੱਲੋਂ 65775 ਮੀਟਰਕ ਟਨ, ਮਾਰਕਫੈੱਡ ਵੱਲੋਂ 28745 ਮੀਟਰਕ ਟਨ, ਪਨਸਪ ਵੱਲੋਂ 33050 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 23250 ਮੀਟਰਕ ਟਨ, ਐਫ.ਸੀ.ਆਈ. ਵੱਲੋਂ 3885 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।