ਬਰਨਾਲਾ,18 ਅਪ੍ਰੈਲ 2021 - ਸਕੂਲ ਸਿੱਖਿਆ ਵਿਭਾਗ ਵੱਲੋਂ ਸਥਾਨਕ ਮੇਲਿਆਂ 'ਤੇ ਚਲਾਈ ਜਾ ਰਹੀ ਦਾਖਲਾ ਜਾਗਰੂਕਤਾ ਮੁਹਿੰਮ ਮਾਪਿਆਂ ਲਈ ਖਿੱਚ ਦਾ ਕੇਂਦਰ ਬਣਨ ਲੱਗੀ ਹੈ।ਜਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸ਼ਹਿਣਾ ਬੀਬੜੀਆਂ ਮਾਈਆਂ ਦੇ ਮੇਲੇ 'ਤੇ ਲਗਾਏ ਕਨੌਪੀ ਹੈਲਪ ਡੈਸਕਾਂ ਤੋਂ ਵੱਡੀ ਗਿਣਤੀ ਵਿੱਚ ਮਾਪੇ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਪ੍ਰਕ੍ਰਿਆ ਬਾਰੇ ਜਾਣਕਾਰੀ ਲੈਂਦੇ ਨਜ਼ਰ ਆਏ।
ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ,ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸ੍ਰੀਮਤੀ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਸ਼ਹਿਣੇ ਮੇਲੇ 'ਤੇ ਪ੍ਰਿੰਸੀਪਲ ਇਕਬਾਲ ਕੌਰ ਉਦਾਸੀ,ਪ੍ਰਿੰਸੀਪਲ ਨੀਰਜਾ,ਹੈਡਮਿਸਟ੍ਰੈਸ ਅਤੇ ਬਲਾਕ ਨੋਡਲ ਅਫ਼ਸਰ ਸੁਰੇਸ਼ਟਾ ਸ਼ਰਮਾ, ਲੈਕਚਰਾਰ ਪਰਮਿੰਦਰ ਸਿੰਘ,ਪਰਮਜੀਤ ਕੌਰ ਡੀਪੀਈ ਅਤੇ ਸੈਂਟਰ ਹੈੱਡ ਟੀਚਰ ਸ੍ਰ ਸ਼ਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਦੋ ਕਨੌਪੀ ਹੈਲਪ ਡੈਸਕ ਸਥਾਪਿਤ ਕੀਤੇ ਗਏ ਸਨ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਦਾਖਲਾ ਜਾਗਰੂਕਤਾ ਮੁਹਿੰਮਾਂ ਦਾ ਮਨੋਰਥ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਅਤੇ ਬਿਨਾਂ ਮਹਿੰਗੀਆਂ ਫੀਸਾਂ ਦੀ ਵਸੂਲੀ ਦੇ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਲਾਭ ਹਰ ਬੱਚੇ ਅਤੇ ਮਾਪੇ ਤੱਕ ਪਹੁੰਚਾਉਣਾ ਹੈ।
ਮੇਲੇ 'ਚ ਸਥਾਪਤ ਹੈਲਪ ਡੈਸਕ 'ਤੇ ਪਹੁੰਚੇ ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਨੇ ਕਿਹਾ ਕਿ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚੇ ਪੜ੍ਹਾਉਣ ਲਈ ਪ੍ਰੇਰਿਤ ਕਰਦੇ ਪੈਂਫਲਿਟ ਵੰਡਣ ਦੇ ਨਾਲ ਨਾਲ ਫਲੈਕਸਾਂ ਅਤੇ ਆਪਸੀ ਗੱਲਬਾਤ ਰਾਹੀਂ ਵੀ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀ ਬੁਨਿਆਦੀ ਅਤੇ ਪੜ੍ਹਾਉਣ ਤਕਨੀਕਾਂ ਪੱਖੋਂ ਬਦਲੀ ਨੁਹਾਰ ਤੋਂ ਜਾਣੂ ਕਰਵਾਇਆ ਗਿਆ ਹੈ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਮਾਰਟ ਸਕੂਲ ਮੁਹਿੰਮ ਅਧੀਨ ਸਰਕਾਰੀ ਸਕੂਲਾਂ ਦੀ ਬਦਲੀ ਦਿੱਖ ਬਾਰੇ ਜਾਣ ਕੇ ਮਾਪੇ ਬਹੁਤ ਖੁਸ਼ ਨਜ਼ਰ ਆ ਰਹੇ ਹਨ।ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਮੇਲੇ 'ਤੇ ਲਗਾਏ ਹੈਲਪ ਡੈਸਕ 'ਤੇ ਪਹੁੰਚੇ ਮਾਪਿਆਂ ਵੱਲੋਂ ਵੱਡੀ ਗਿਣਤੀ ਵਿੱਚ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਦੀ ਸਹਿਮਤੀ ਦਿੱਤੀ ਗਈ ਹੈ।ਸਿੱਖਿਆ ਅਧਿਕਾਰੀ ਨੇ ਆਸ ਪ੍ਰਗਟਾਈ ਕਿ ਮਾਪਿਆਂ ਦੇ ਹੁੰਗਾਰੇ ਨੂੰ ਵੇਖਦਿਆਂ ਜਾਪਦਾ ਹੈ ਕਿ ਮੌਜ਼ੂਦਾ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਪਿਛਲੇ ਸੈਸ਼ਨ ਨਾਲੋਂ ਕਾਫ਼ੀ ਜਿਆਦਾ ਹੋਵੇਗਾ।ਉਹਨਾਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਕਰਵਾਉਣ ਵਾਲੇ ਮਾਪਿਆਂ ਨੂੰ ਬੱਚਿਆਂ ਦੀ ਬਿਹਤਰ ਪੜ੍ਹਾਈ ਦਾ ਵੀ ਵਿਸਵਾਸ਼ ਦਿਵਾਇਆ।ਇਸ ਮੌਕੇ ਕਮਲਦੀਪ ਜਿਲ੍ਹਾ ਮੈਂਟਰ ਗਣਿਤ, ਭਰਤ ਕੁਮਾਰ,ਮਨਜਿੰਦਰ ਸਿੰਘ ਅਤੇ ਅਮਰਜੀਤ ਸਮੇਤ ਸ਼ਹੀਦ ਬੁੱਧੂ ਖਾਂ ਸੌਰਿਆ ਚੱਕਰਾ ਸਰਕਾਰੀ ਸੀਨੀਅਰ ਸਕੂਲ ਸ਼ਹਿਣਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ, ਸਰਕਾਰੀ ਪ੍ਰਾਇਮਰੀ ਸਕੂਲ ਮੁੰਡੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੁੜੀਆਂ ਦਾ ਸਮੁੱਚਾ ਸਟਾਫ ਹਾਜ਼ਰ ਰਿਹਾ।