ਕੋਵਿਡ-19 ਟੀਕਾਕਰਨ, ਟੈਸਟਿੰਗ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਦਿੱਤੇ ਆਦੇਸ਼
ਸਕੂਲਾਂ ਦੇ ਪ੍ਰਿੰਸੀਪਲਾਂ /ਮੁੱਖ ਅਧਿਆਪਕਾਂ ਸਮੇਤ ਸਮੂਹ ਸਟਾਫ ਦਾ 100 ਪ੍ਰਤੀਸ਼ਤ ਕਰਵਾਇਆ ਜਾਵੇ-ਟੀਕਾਕਰਨ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 10 ਮਈ 2021: ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸਕੈਂਡਰੀ ਤੇ ਹਾਈ ਸਕੂਲਾਂ ਦੇ ਪ੍ਰਿੰਸੀਪਲਾਂ/ ਮੁੱਖ ਅਧਿਆਪਕਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਕਰੋਨਾ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ, ਟੈਸਟਿੰਗ ਤੋਂ ਇਲਾਵਾ ਕਰੋਨਾ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼, ਸਾਵਧਾਨੀਆਂ ਵਰਤਣ ਪ੍ਰਤੀ ਜਾਗਰੂਕ ਕਰਨ ਦੇ ਵੀ ਆਦੇਸ਼ ਦਿੱਤੇ ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਸਾਡਾ ਦੇਸ਼ ਇਸ ਸਮੇਂ ਭਿਆਨਕ ਕਰੋਨਾ ਮਹਾਂਮਾਰੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਤੇ ਸਾਡੇ ਜ਼ਿਲ੍ਹੇ ਵਿੱਚ ਵੀ ਇਸ ਨਾਲ ਜਿਥੇ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ ,ਉੱਥੇ ਹੀ ਇਸ ਨਾਲ ਰੋਜ਼ਾਨਾ ਮੌਤਾਂ ਵੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਥੇ ਕਰੋਨਾ ਦੀ ਰੋਕਥਾਮ ਲਈ ਟੀਕਾਕਰਣ ਮੁਹਿੰਮ ਪੂਰੇ ਜ਼ੋਰਾਂ ਤੇ ਹੈ, ਉਥੇ ਹੀ ਇਸ ਲਈ ਸਮੁੱਚੇ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਟੈਸਟਿੰਗ ਵੀ ਜ਼ੋਰਾਂ ਤੇ ਕੀਤੀ ਜਾ ਰਹੀ ਹੈ ਤਾਂ ਜੋ ਕਰੋਨਾ ਦੇ ਮਰੀਜ਼ਾਂ ਦਾ ਪਤਾ ਲਗਾ ਕੇ ਉਨ੍ਹਾਂ ਦਾ ਸਮੇਂ ਤੇ ਢੁਕਵਾਂ ਇਲਾਜ ਕੀਤਾ ਜਾ ਸਕੇ। ਉਨ੍ਹਾਂ ਸਮੂਹ ਪ੍ਰਿੰਸੀਪਲ ਨੂੰ ਕਿਹਾ ਕਿ ਉਹ ਆਪਣੇ-ਆਪਣੇ ਸਕੂਲਾਂ ਅਧੀਨ ਆਉਂਦੇ ਇਲਾਕਿਆਂ ,ਪਿੰਡਾਂ ਵਿਚ ਲੋਕਾਂ ਨੂੰ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਅਤੇ ਕਰੋਨਾ ਦੀ ਜਾਂਚ ਲਈ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਸਾਵਧਾਨੀਆਂ ਵਰਤਣ ਜਿਵੇਂ ਕਿ ਮਾਸਕ ਪਾਉਣ,ਦੋ ਗਜ਼ ਦੀ ਸਮਾਜਿਕ ਦੂਰੀ, ਸਮੇਂ ਸਮੇਂ ਤੇ ਹੱਥ ਧੋਣਾ, ਭੀੜ ਭੜੱਕੇ ਵਾਲੀਆਂ ਥਾਵਾਂ ਤੇ ਨਾ ਜਾਣਾ ਆਦਿ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਪ੍ਰਿੰਸੀਪਲ /ਮੁੱਖ ਅਧਿਆਪਕ ਵੀਡੀਓ ਕਾਨਫਰੰਸਿੰਗ ਰਾਹੀਂ ਪੀ.ਟੀ.ਏ. ਮੀਟਿੰਗਾਂ ਕਰਨ ਤੇ ਇਸ ਤੋਂ ਇਲਾਵਾ ਸਰਪੰਚਾਂ-ਪੰਚਾਂ ਅਤੇ ਇਲਾਕੇ ਦੇ ਪ੍ਰਮੁੱਖ ਲੋਕਾਂ ਨਾਲ ਵੀ ਆਨਲਾਈਨ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਜਾਗਰੂਕ ਕਰਨਗੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਆਨਲਾਈਨ ਕਲਾਸਾਂ ਰਾਹੀਂ ਹੀ ਸਿੱਖਿਆ ਦਿੱਤੀ ਜਾਵੇ ।ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਨਲਾਈਨ ਕਲਾਸਾਂ ਲਗਾਉਂਦੇ ਸਮੇਂ ਮਾਸਕ ਪਾਉਣ, ਸਮਾਜਿਕ ਦੂਰੀ ਅਤੇ ਸਰਕਾਰੀ ਹਦਾਇਤਾਂ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਸਕੂਲਾਂ ਵਿੱਚ ਜਾਗਰੂਕਤਾ ਪੋਸਟਰ ਲਗਾਏ ਜਾਣ ਅਤੇ ਪ੍ਰਿੰਸੀਪਲ/ ਹੈਡਮਾਸਟਰ ਅਤੇ ਹੋਰ ਸਕੂਲ ਸਟਾਫ ਖੁਦ ਟੀਕਾਕਰਨ ਕਰਵਾਉਣਗੇ ਅਤੇ ਹੋਰਨਾਂ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨਗੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਨੂੰ ਮਿਲੇ ਫੰਡਾਂ ਦੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਹੋਣ ਵਾਲੇ ਵਿਕਾਸ ਕਾਰਜ ਮਿਆਰੀ ਹੋਣੇ ਚਾਹੀਦੇ ਹਨ ਇਸ ਮੌਕੇ ਸ੍ਰੀ ਪ੍ਰਦੀਪ ਦਿਉੜਾ ਡਿਪਟੀ ਡੀ.ਈ.ਓ ਸਕੈਂਡਰੀ ਸਮੇਤ ਹੋਰ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੇ ਇਹ ਮੀਟਿੰਗ ਅਟੈਂਡ ਕੀਤੀ ।