ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਜਾਰੀ - ਡੀ ਸੀ
ਪਰਵਿੰਦਰ ਸਿੰਘ ਕੰਧਾਰੀ
- ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨ ਕਲੱਬਾਂ ਨੂੰ ਸਬਸਿਡੀ ਤੇ ਮਸ਼ੀਨਰੀ ਲੈਣ ਲਈ 4 ਅਗਸਤ 2021 ਤੱਕ ਮਸ਼ੀਨਰੀ ਪੋਰਟਲ ਖੋਲ੍ਹਿਆ ਜਾਵੇਗਾ
ਫਰੀਦਕੋਟ 2 ਅਗਸਤ 2021 - ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਅਤੇ ਸੂਬੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਅਤੇ ਇਸ ਦਾ ਖੇਤਾਂ ਵਿਚ ਹੀ ਨਿਪਟਾਰਾ ਕਰਨ ਲਈ ਮੌਜੂਦਾ ਸਾਲ ਦੌਰਾਨ 250 ਕਰੋੜ ਰੁਪਏ ਦੀ ਸਬਸਿਡੀ ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਿਸਾਨਾਂ ਗਰੁੱਪਾਂ ਤੋਂ ਇਲਾਵਾ ਕਿਸਾਨਾਂ ਨੂੰ ਵਿਅਕਤੀਗਤ ਤੌਦ ਤੇ ਖੇਤੀ ਮਸ਼ੀਨਰੀ ਖੇਤੀ, ਸੰਦ ਮੁੱਹਈਆ ਕਰਵਾਉਣ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਬੇਲਰ ਅਤੇ ਹੋਰ ਖੇਤ ਮਸ਼ੀਨਰੀ ਪਹਿਲ ਦੇ ਆਧਾਰ ਤੇ ਦੇਣ ਲਈ ਅਰਜ਼ੀਆਂ ਪ੍ਰਵਾਨ ਕੀਤੀਆਂ ਜਾ ਚੁੱਕੀਆਂ ਹਨ ਤਾਂ ਜੋ ਖੇਤੀ ਬੈਂਕ ਸਥਾਪਤ ਕੀਤੇ ਜਾਣ ਜਿਨ੍ਹਾਂ ਨੂੰ ਕਸਟਮ ਹਾਇਰਿੰਗ ਸੈਟਰਾਂ ਵਜੋਂ ਵਰਤਿਆ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਤੇ 50 ਫ਼ੀਸਦੀ ਤੋਂ 80 ਫ਼ੀਸਦੀ ਸਬਸਿਡੀ ਮੁਹਈਆ ਕਰਵਾਈ ਜਾ ਰਹੀ ਹੈ। ਜਿਸ ਵਿੱਚ ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਿਸਾਨ ਗਰੁੱਪਾਂ (ਐਫ.ਓ.ਪੀ.ਐਸ) ਨੂੰ 80 ਫੀਸਦੀ, ਜਦੋਂ ਕਿ ਕਿਸਾਨਾਂ ਨੂੰ ਵਿਅਕਤੀਗਤ ਤੌਰ ਉਤੇ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨ ਗਰੁੱਪਾਂ ਨੂੰ ਸਬਸਿਡੀ ਉੱਤੇ ਮਸ਼ੀਨਰੀ ਲੈਣ ਦਾ ਇਕ ਹੋਰ ਮੌਕਾ ਦੇਣ ਲਈ ਸਿਰਫ ਉਨ੍ਹਾਂ ਵਾਸਤੇ 2 ਅਗਸਤ ਤੋਂ 4 ਅਗਸਤ 2021 ਤਕ ਮਸ਼ੀਨਰੀ ਪੋਰਟਲ ਖੋਲਿਆ ਗਿਆ ਹੈ। ਉਨ੍ਹਾਂ ਉਪਰੋਕਤ ਕੈਟਾਗਰੀ ਦੇ ਗਰੁੱਪਾਂ, ਸਭਾਵਾਂ ਨੂੰ ਕਿਹਾ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਸਪਲਾਈ ਕਰਨ ਲਈ ਵਿਭਾਗ ਨੇ ਝੋਨੇ ਦੇ ਵਾਢੀ ਸੀਜ਼ਨ ਤੋਂ ਪਹਿਲਾਂ ਪਰਾਲੀ ਪ੍ਰਬੰਧਨ ਲਈ ਖੇਤੀ ਸੰਦਾਂ ਦੀ ਵੰਡ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸੂਚਨਾ, ਜਾਗਰੂਕਤਾ ਅਤੇ ਸੰਚਾਰ ਦੀਆਂ ਗਤੀਵਿਧੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਤਾਂ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਸਾਨਾਂ, ਸਹਿਕਾਰੀ ਸਭਾਵਾਂ,ਕਿਸਾਨ ਗਰੁੱਪਾਂ ਨੂੰ ਸਬਸਿਡੀ ਉੱਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਅਮਲ ਦਾ ਖਾਤਮਾ ਕਰਕੇ ਜ਼ਮੀਨ, ਵਾਤਾਵਰਨ ਅਤੇ ਮਨੁੱਖੀ ਸਿਹਤ ਨੂੰ ਸਿਹਤਮੰਦ ਬਣਾਇਆ ਜਾ ਸਕੇ ।