ਵਿਧਾਇਕ ਗੁਰਪ੍ਰੀਤ ਜੀ.ਪੀ. ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ
ਦੀਦਾਰ ਗੁਰਨਾ
ਬੱਸੀ ਪਠਾਣਾ, 25 ਅਕਤੂਬਰ 2021 - ਭਾਰੀ ਮੀਂਹ ਅਤੇ ਗੜਿਆਂ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਹਲਕਾ ਬਸੀ ਪਠਾਣਾਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਬਸੀ ਪਠਾਣਾਂ ਦੇ ਐੱਸ ਡੀ ਐੱਮ ਸ੍ਰੀ ਯਸ਼ਪਾਲ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ।
ਖੇਤਾਂ ਵਿੱਚ ਨੁਕਸਾਨੀ ਫਸਲ ਦਾ ਜਾਇਜ਼ਾ ਲੈਂਦਿਆਂ ਸ. ਜੀ ਪੀ ਨੇ ਕਿਹਾ ਕਿ ਮੀਂਹ ਅਤੇ ਗੜਿਆਂ ਕਾਰਨ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਲਈ ਫ਼ਸਲ ਦੇ ਇਸ ਨੁਕਸਾਨ ਕਾਰਨ ਹੋਰ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਫ਼ਸਲ ਦੇ ਨੁਕਸਾਨ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਮਿਲ ਸਕੇ।
ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਉਹ ਹਰ ਹਾਲ ਕਿਸਾਨਾਂ ਦੇ ਨਾਲ ਖਡ਼੍ਹੇ ਹਨ ਅਤੇ ਉਨ੍ਹਾਂ ਨੂੰ ਮੁਆਵਜ਼ੇ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦੇਣਗੇ।
ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਕਿ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਜਲਦ ਤੋਂ ਜਲਦ ਕਿਸਾਨਾਂ ਨੂੰ ਦਿੱਤਾ ਜਾਵੇ।