ਬਾਗਬਾਨੀ ਵਿਭਾਗ ਵੱਲੋਂ ਸਿਖਲਾਈ ਕੈਂਪ ਆਯੋਜਿਤ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 25 ਨਵੰਬਰ 2021 - ਜ਼ਿਲ੍ਹੇ ਵਿੱਚ ਬਾਗਬਾਨੀ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਸਰਕਾਰ ਦੁਆਰਾ ਬਾਗਬਾਨਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ/ਸਬਸਿਡੀ ਆਦਿ ਦੇਣ ਤੋਂ ਇਲਾਵਾ ਆਮ ਲੋਕਾਂ ਨੂੰ ਘਰੇਲੂ ਬਗੀਚੀ ਸਬੰਧੀ ਜਾਗਰੂਕ ਕਰਨ ਲਈ ਸਮੇਂ-ਸਮੇਂ ਤੇ ਸਿਖਲਾਈ ਕੈਂਪ ਆਯੋਜਿਤ ਕੀਤੇ ਜਾਂਦੇ ਹਨ। ਇਸੇ ਕੜੀ ਤਹਿਤ ਬਾਗਬਾਨੀ ਵਿਭਾਗ ਫਰੀਦਕੋਟ ਵੱਲੋਂ ਡਿਪਟੀ ਡਾਇਰੈਕਟਰ ਬਾਗਬਾਨੀ ਬਾਗਬਾਨੀ ਡਾ. ਕੁਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਮਚਾਕੀ ਮੱਲ ਸਿੰਘ ਅਤੇ ਪਿੰਡ ਢੀਮਾਂਵਾਲੀ ਦੇ ਸਰਕਾਰੀ ਸਕੂਲਾਂ ਵਿਖੇ ਬਾਗਬਾਨੀ ਸਿਖਲਾਈ ਕੈਂਪ ਆਯੋਜਿਤ ਕੀਤੇ ਗਏ ।
ਕੈਂਪ ਦੌਰਾਨ ਡਾ. ਗੁਰਪ੍ਰੀਤ ਸਿੰਘ ਸੇਠੀ, ਬਾਗਬਾਨੀ ਵਿਕਾਸ ਅਫਸਰ ਵਲੋਂ ਖੁੰਬਾਂ ਦੀ ਕਾਸ਼ਤ ਬਾਰੇ ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਉਨ੍ਹਾਂ ਖੁੰਬਾਂ ਦੀ ਖੁਰਾਕੀ ਮਹੱਤਤਾ ਅਤੇ ਨਾਲ ਹੀ ਸਕੂਲ ਦੇ ਸਮੂਹ ਸਟਾਫ ਨੂੰ ਖੁੰਬਾਂ ਨੂੰ ਮਿਡ ਡੇ ਮੀਲ ਵਿੱਚ ਸ਼ਾਮਲ ਕਰਨ ਲਈ ਕਿਹਾ । ਇਸ ਮੌਕੇ ਸ੍ਰੀ ਕੁਲਦੀਪ ਸਿੰਘ, ਬਾਗਬਾਨੀ ਵਿਕਾਸ ਅਫਸਰ ਨੇ ਵਿਦਿਆਰਥੀਆਂ ਨੂੰ ਖੁੰਬਾਂ ਉਗਾਉਣ ਦੀ ਵਿਧੀ ਨੂੰ ਪ੍ਰਦਰਸ਼ਤ ਕਰਕੇ ਵਿਖਾਇਆ ਅਤੇ ਵਿਦਿਆਰਥੀਆਂ ਨੂੰ ਘਰੇਲੂ ਪੱਧਰ ਤੇ ਖੁੰਬਾਂ ਉਗਾਉਣ ਲਈ ਉਤਸ਼ਾਹਤ ਕੀਤਾ ਗਿਆ । ਜਿਸ ਨਾਲ ਖੁਰਾਕੀ ਤੱਤਾਂ ਦੀ ਪੂਰਤੀ ਕੀਤੀ ਜਾ ਸਕੇ ।