ਡਿਪਟੀ ਕਮਿਸ਼ਨਰ ਵੱਲੋਂ ਸ਼ੇਰਪੁਰ ਅਤੇ ਧੂਰੀ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 19 ਮਈ, 2022: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਸ਼ੇਰਪੁਰ ਅਤੇ ਧੂਰੀ ਵਿਖੇ ਇਸ ਸਕੀਮ ਤਹਿਤ ਸਰਵੇਖਣ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ । ਇਹ ਹਦਾਇਤ ਡਿਪਟੀ ਕਮਿਸਨਰ ਸ੍ਰੀ ਜਤਿੰਦਰ ਜੋਰਵਾਲ ਨੇ ਇਸ ਸਕੀਮ ਦੀ ਹੁਣ ਤੱਕ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਧੂਰੀ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਲਾਲ ਲਕੀਰ ਦੇ ਘੇਰੇ ਵਿਚ ਆਉਦੇਂ ਘਰਾਂ ਦੇ ਮਾਲਕਾਨਾ ਹੱਕ ਦੇਣ ਦੀ ਪ੍ਰਕਿਰਿਆ ਤਹਿਤ ਨਿਸ਼ਾਨਦੇਹੀ ਕਰਾਉਣ ਉਪਰੰਤ ਡਰੋਨ ਸਰਵੇ ਕਰਵਾਇਆ ਜਾ ਰਿਹਾ ਹੈ ਅਤੇ ਇਸ ਤੋਂ ਬਾਅਦ ਬਣਨ ਵਾਲੇ ਨਕਸਿਆਂ ਦੇ ਆਧਾਰ ਉਤੇ ਡੋਰ ਟੂ ਡੋਰ ਸਰਵੇਖਣ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਉਪਰੰਤ 15 ਦਿਨਾਂ ਲਈ ਜਨਤਕ ਤੌਰ 'ਤੇ ਇਤਰਾਜ ਮੰਗੇ ਜਾਣਗੇ ਅਤੇ ਇਹ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਘਰਾਂ ਦੇ ਮਾਲਕਾਂ ਨੂੰ ਸਰਟੀਫਿਕੇਟ ਦੇ ਕੇ ਮਾਲਕਾਨਾ ਹੱਕ ਦਿੱਤੇ ਜਾਣਗੇ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਭਵਾਨੀਗੜ ਵਿਚ ਇਸ ਸਕੀਮ ਤਹਿਤ ਮੁਢਲੀ ਕਾਰਵਾਈ ਪੂਰੀ ਹੋ ਚੁੱਕੀ ਹੈ ਅਤੇ ਹੁਣ ਘਰ ਘਰ ਜਾ ਕੇ ਫਾਰਮ ਵਿੱਚ ਜਾਣਕਾਰੀ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ਸਬੰਧਤ ਅਧਿਕਾਰੀ ਮਾਲਕਾਨਾ ਹੱਕ ਮੁਹੱਈਆ ਕਰਵਾਉਣ ਸਬੰਧੀ ਪਿੰਡਾਂ ਵਿਚ ਵੱਖ ਵੱਖ ਵੇਰਵੇ ਪ੍ਰਾਪਤ ਕਰਨ ਲਈ ਆਉਂਦਾ ਹੈ ਤਾਂ ਅਧਿਕਾਰੀ ਨੂੰ ਪੂਰਨ ਸਹਿਯੋਗ ਦਿਤਾ ਜਾਵੇ। ਮੀਟਿੰਗ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।