ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ - ਡੀ.ਐਸ.ਪੀ ਸੁਖਵਿੰਦਰ ਸਿੰਘ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ,6 ਅਕਤੂਬਰ 2022 - ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਉੱਪਰ ਗੈਰ ਸਮਾਜਿਕ ਤੱਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਸ਼ਿਆਂ ਦੀ ਦਲਦਲ ਵਿੱਚ ਨੌਜਵਾਨਾਂ ਨੂੰ ਫਸਾਉਣ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਨਵ ਨਿਯੁਕਤ ਡੀ.ਐਸ.ਪੀ ਸੁਖਵਿੰਦਰ ਸਿੰਘ ਨੇ ਆਪਣੀ ਪਹਿਲੀ ਪ੍ਰੈੱਸ ਮਿਲਣੀ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਨ ਨੂੰ ਸਕੂਨ ਮਿਲ ਰਿਹਾ ਹੈ ਕਿ ਉਹ ਸਾਹਿਬ ਸ੍ਰੀ ਗੁਰੂ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਉੱਪਰ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਨੇ ਕਿਹਾ ਕਿ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਲੋਕਾਂ ਤੇ ਪ੍ਰੈੱਸ ਸਹਿਯੋਗ ਨਾਲ ਦੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਜਾਨਮਾਲ ਦੀ ਹਿਫ਼ਾਜ਼ਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਬ ਡਵੀਜ਼ਨ ਅੰਦਰ ਨਸ਼ਿਆ ਦੇ ਖਾਤਮੇ ਵੱਡੇ ਪੱਧਰ ਤੇ ਮੁਹਿੰਮ ਚਲਾਈ ਜਾਵੇਗੀ। ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਅਤੇ ਨਾਟਕ ਮੇਲੇ ਕਰਵਾਏ ਜਾਣਗੇ।
ਇਨ੍ਹਾਂ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਨੇ ਇਸ ਮੌਕੇ ਗ਼ਲਤ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ਿਆਂ ਦਾ ਕਾਰੋਬਾਰ ਛੱਡ ਕੇ ਚੰਗੇ ਨਾਗਰਿਕ ਬਣਨ ਨਹੀਂ ਤਾਂ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਗ਼ਲਤ ਕੰਮ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਨੂੰ ਇੰਨਬਿੰਨ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਹਲਕੇ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਮੁਸਕਿਲ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ।ਇਸ ਮੌਕੇ ਐਸ.ਐਚ.ਓ ਜਸਪਾਲ ਸਿੰਘ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ ਅਤੇ ਹੋਰ ਪੱਤਰਕਾਰ ਵੱਡੀ ਗਿਣਤੀ ਵਿੱਚ ਹਾਜਰ ਸਨ।