ਸਪੀਕਰ ਸੰਧਵਾਂ ਵੱਲੋਂ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਦਾ ਉਦਘਾਟਨ
ਦੀਪਕ ਗਰਗ
ਕੋਟਕਪੂਰਾ, 29 ਮਈ 2023 :- ਜ਼ਿਲ੍ਹਾ ਕਰਾਟੇ ਡੂ-ਐਸੋਸੀਏਸਨ, ਫਰੀਦਕੋਟ ਵਲੋਂ ਜਿਮਨੇਜੀਅਮ ਹਾਲ, ਸ.ਸ.ਸ.ਸ. ਕੋਟਕਪੂਰਾ (ਲੜਕੇ) ਵਿਖੇ ਕਰਵਾਏ ਜਾ ਰਹੇ ਦੋ ਰੋਜਾ ਜਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ (ਮੁੰਡੇ/ਕੁੜੀਆਂ) ਦਾ ਉਦਘਾਟਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ਅਤੇ ਜ਼ਮੀਨੀ ਪੱਧਰ ਤੇ ਨੋਜਵਾਨਾਂ ਨੂੰ ਖੇਡਾਂ ਵੱਲ ਲਿਆਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਕੁਝ ਸਮਾਂ ਪਹਿਲਾਂ ਹੀ ਰਾਜ ਪੱਧਰ ਤੇ ਖੇਡਾਂ ਕਰਵਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੌਰ ’ਤੇ ਮਜ਼ਬੂਤ ਕਰਦੀਆਂ ਹਨ, ਉੱਥੇ ਨੋਜਵਾਨ ਖੇਡਾਂ ਨਾਲ ਜੁੜ ਕੇ ਨਸ਼ਿਆਂ ਵਰਗੀ ਨਾਮੁਰਾਦ ਬਿਮਾਰੀ ਤੋਂ ਵੀ ਬਚੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਜੇਕਰ ਨੌਜਵਾਨਾਂ ਨੂੰ ਸਹੀ ਸੇਧ ਦਿੱਤੀ ਜਾਵੇ ਤਾਂ ਉਹ ਵੱਡੀ ਤੋਂ ਵੱਡੀ ਚੁਣੋਤੀ ਦਾ ਸਾਹਮਣਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਵਿਖਾ ਕੇ ਨਸ਼ਾਮੁਕਤ ਪੰਜਾਬ ਦੀ ਸਿਰਜਣਾ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਨੇ ਖੇਡਾਂ ਨੂੰ ਬੜਾਵਾ ਦੇਣ ਵਾਸਤੇ ਕਈ ਯੋਜਨਾਵਾਂ ਉਲੀਕੀਆਂ ਹਨ ਜਿਸ ਤਹਿਤ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣੀਆਂ ਅਤੇ ਖਿਡਾਰੀਆਂ ਨੂੰ ਆਪਣੀ ਪ੍ਰੈਕਟਿਸ ਕਰਨ ਵਾਸਤੇ ਡਾਇਟ ਖਰਚੇ ’ਚ ਵੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਖਿਡਾਰੀਆਂ ਨੂੰ ਕਹਿਣਾ ਹੈ ਕਿ ਤੁਸੀਂ ਖੇਡ ਮੈਦਾਨ ਵਿੱਚ ਸੂਬੇ ਦਾ ਨਾਮ ਰੌਸ਼ਨ ਕਰੋ ਤੁਹਾਡਾ ਭਵਿੱਖ ਅਸੀਂ ਉਜਵਲ ਬਣਾਵਾਂਗੇ। ਇਸ ਮੌਕੇ ਪੀ.ਆਰ.ਓ ਟੂ ਸਪੀਕਰ ਸ. ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਹਾਜ਼ਰ ਸਨ।