ਬਠਿੰਡਾ :ਕਬੱਡੀ ਟੂਰਨਾਮੈਂਟ ਤੇ ਕੁਸ਼ਤੀ ਮੁਕਾਬਲੇ 24 ਨਵੰਬਰ ਨੂੰ : ਜ਼ਿਲ੍ਹਾ ਪੁਲਿਸ ਮੁਖੀ
ਅਸ਼ੋਕ ਵਰਮਾ
ਬਠਿੰਡਾ,20 ਨਵੰਬਰ 2023: : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਨਸ਼ਾ ਮੁਕਤ ਪੰਜਾਬ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਬਠਿੰਡਾ ਪੁਲਿਸ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ. ਖੁਰਾਣਾ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ 24 ਨਵੰਬਰ 2023 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਕਬੱਡੀ ਟੂਰਨਾਮੈਂਟ (ਸਰਕਲ ਸਟਾਈਲ) ਅਤੇ ਕੁਸ਼ਤੀ ਮੁਕਾਬਲੇ ਦੁਪਿਹਰ 12 ਤੋਂ ਲੈ ਕੇ ਬਾਅਦ ਦੁਪਿਹਰ 2 ਵਜੇ ਕਰਵਾਏ ਜਾ ਰਹੇ ਹਨ। ਇਸ ਮੌਕੇ ਏਡੀਜੀਪੀ ਰੇਂਜ ਬਠਿੰਡਾ ਸ਼੍ਰੀ ਐਸਪੀਐਸ ਪਰਮਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਸ ਦੌਰਾਨ ਸ. ਗੁਲਨੀਤ ਸਿੰਘ ਖੁਰਾਣਾ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।