ਗੁਰਦਾਸਪੁਰ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ 'ਚ ਕਾਲਜ ਦੇ ਵਿਦਿਆਰਥੀਆਂ ਦੀ ਕੀਤੀ ਕੈਰੀਅਰ ਕਾਊਂਸਲਿੰਗ
ਰੋਹਿਤ ਗੁਪਤਾ
ਗੁਰਦਾਸਪੁਰ, 12 ਫਰਵਰੀ 2024- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਚ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਡਾ: ਹਿਮਾਂਸ਼ੂ ਅਗਰਵਾਲ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ੳ.ਡੀ.ਬੀ.ਈ.ਈ. ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸ੍ਰੀ ਪ੍ਰਸ਼ੋਤਮ ਸਿੰਘ ਦੇ ਪ੍ਰਬੰਧਾਂ ਹੇਠ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੈਰੀਅਰ ਗਾਈਡੈਂਸ ਦਿੰਦਿਆਂ ਹੋਇਆ ਕਾਊਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਆਪਣੀ ਪਸੰਦ ਦੇ ਰੋਜ਼ਗਾਰ/ਸਵੈ-ਰੋਜ਼ਗਾਰ ਦੀ ਪ੍ਰਾਪਤੀ ਲਈ ਗਾਈਡੈਂਸ ਦਿੱਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਵਿਦਿਆਰਥੀਆਂ ਨੇ ਮਾਹਿਰਾਂ ਕੋਲੋਂ ਆਪਣੇ ਆਪਣੇ ਸਵਾਲ ਪੁੱਛੇ ਅਤੇ ਉਹਨਾਂ ਕੋਲੋਂ ਤਸੱਲੀਬਖ਼ਸ਼ ਜਵਾਬ ਹਾਸਿਲ ਕੀਤੇ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪ੍ਰਸ਼ੋਤਮ ਸਿੰਘ ਚਿੱਬ, ਸ੍ਰੀ ਚਾਂਦ ਸਿੰਘ ਠਾਕੁਰ, ਸ੍ਰੀ ਗਗਨਦੀਪ ਸਿੰਘ ਧਾਲੀਵਾਲ, ਸ੍ਰੀ ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਅਤੇ ਸ੍ਰੀ ਵਰੁਣ ਪੁਰੀ ਨੇ ਬਿਊਰੋ ਵਿਚ ਆਏ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ, ਹੁਨਰ ਅਤੇ ਰੋਜ਼ਗਾਰ, ਸਟ੍ਰੈੱਸ ਮੈਨੇਜਮੈਂਟ, ਟਾਈਮ ਮੈਨੇਜਮੈਂਟ, ਸਾਫ਼ਟ ਸਕਿੱਲ ਅਤੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪ੍ਰਸ਼ੋਤਮ ਸਿੰਘ ਚਿੱਬ ਨੇ ਵਿਦਿਆਰਥੀਆਂ ਨੂੰ ਖ਼ਾਸ ਤੌਰ ਤੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਬਿਊਰੋ ਜਿੱਥੇ ਵਿਦਿਆਰਥੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਂਦਾ ਹੈ ਉੱਥੇ ਨਾਲ ਹੀ ਉਨ੍ਹਾਂ ਨੂੰ ਸਮੇਂ ਸਿਰ ਅਪਲਾਈ ਕਰਵਾਉਣ ਵਿਚ ਵੀ ਸਹਾਇਤਾ ਕਰਦਾ ਹੈ। ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਚ ਉਨ੍ਹਾਂ ਨੌਜਵਾਨਾਂ ਲਈ ਪ੍ਰੋਜੈਕਟ ਤਿਆਰ ਕਰਵਾਉਣ ਲਈ ਅਗਵਾਈ ਦਿੰਦਾ ਹੈ , ਜਿਹੜੇ ਨੌਜਵਾਨ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦੇ ਹਨ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਦੱਸਿਆ ਕਿ ਲੋੜ ਪੈਣ ਤੇ ਵਿਦਿਆਰਥੀ ਇਸ ਦਫ਼ਤਰ ਨਾਲ ਕੈਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਸਬੰਧੀ ਸੰਪਰਕ ਕਰ ਸਕਦੇ ਹਨ।