ਕੁਲਜੀਤ ਰੰਧਾਵਾ ਨੇ ਰੱਖਿਆ ਬੱਸੀ-ਜਲਾਲਪੁਰ ਸੜਕ ਦਾ ਨੀਂਹ ਪੱਥਰ
ਮਲਕੀਤ ਸਿੰਘ ਮਲਕਪੁਰ
ਲਾਲੜੂ 2 ਮਾਰਚ 2024: ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਦੀ ਚਿਰੋਕਣੀ ਮੰਗ 'ਤੇ ਲਾਲੜੂ ਖੇਤਰ ਦੇ ਵਾਰਡ ਨੰਬਰ 16 ਬੱਸੀ ਤੋਂ ਪਿੰਡ ਜਲਾਲਪੁਰ ਤੱਕ ਜਾਣ ਵਾਲੀ ਸੜਕ 'ਤੇ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸੜਕ 'ਤੇ 20 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਲਦੀ ਹੀ ਆਉਣ ਵਾਲੇ ਦਿਨਾਂ 'ਚ ਹਰ ਪਿੰਡ ਜਿੱਥੇ ਵੀ ਕੋਈ ਗਲੀ ਨਾਲੀ ਰਹਿ ਗਈ ਹੈ, ਹਰ ਥਾਂ 'ਤੇ ਕੰਮ ਸ਼ੁਰੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਲਾਲੜੂ ਖ਼ੇਤਰ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਮਾਮਲੇ 'ਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਸ. ਰੰਧਾਵਾ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਰੂਹਾਂ 'ਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ 'ਆਪ ਦੀ ਸਰਕਾਰ, ਆਪ ਦੇ ਦੁਆਰ' ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਲਗਾਏ ਜਾ ਰਹੇ ਕੈਂਪਾਂ 'ਚ ਵੱਡੀ ਗਿਣਤੀ ਲੋਕਾਂ ਵੱਲੋਂ ਸੇਵਾਵਾਂ ਦਾ ਲਾਭ ਲਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ 'ਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਕਈ ਵਿਲੱਖਣ ਪਹਿਲਕਦਮੀਆਂ ਕਰਨ ਦੇ ਨਾਲ-ਨਾਲ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਲੋਕਾਂ ਤੱਕ ਪਹੁੰਚ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਕਾਰਜਸਾਧਕ ਅਫਸਰ ਗੁਰਬਖਸ਼ੀਸ਼ ਸਿੰਘ, ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ ,ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ, ਕੌਂਸਲਰਾਂ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਰਕਰ ਮੌਜੂਦ ਸਨ।