ਆਸ਼ੀਰਵਾਦ ਸਕੀਮ ਦੇ 736 ਲਾਭਪਾਤਰੀਆਂ ਨੂੰ 3.75 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ: ਪਰਨੀਤ ਸ਼ੇਰਗਿੱਲ
ਦੀਦਾਰ ਗੁਰਨਾ
- ਅਨੁਸੂਚਿਤ ਜਾਤੀ ਦੇ 476 ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 260 ਲਾਭਪਾਤਰੀਆਂ ਨੂੰ ਦਿੱਤਾ ਸਕੀਮ ਦਾ ਲਾਭ
- ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਯੋਗ ਲਾਭਪਾਤਰੀਆਂ ਦੀ ਲੜਕੀ ਦੀ ਸ਼ਾਦੀ ਮੌਕੇ 51000/-ਰੁਪਏ ਦੀ ਦਿੱਤੀ ਜਾਂਦੀ ਹੈ ਵਿੱਤੀ ਸਹਾਇਤਾ
ਫਤਹਿਗੜ੍ਹ ਸਾਹਿਬ, 01 ਅਗਸਤ 2024 - ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਈਸਾਈ ਬਰਾਦਰੀ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਦੀ ਸ਼ਾਦੀ ਮੌਕੇ ਦਿੱਤੀ ਜਾਣ ਵਾਲੀ ਆਸ਼ੀਰਵਾਦ ਸਕੀਮ ਅਧੀਨ 51,000/-ਰੁਪਏ ਦੀ ਵਿੱਤੀ ਸਹਾਇਤਾ ਸਕੀਮ ਜ਼ਿਲ੍ਹੇ ਦੇ ਲਾਭਪਾਤਰੀਆਂ ਲਈ ਕਾਫੀ ਸਹਾਈ ਸਿੱਧ ਹੋ ਰਹੀ ਹੈ ਅਤੇ ਹੁਣ ਤੱਕ ਆਸ਼ੀਰਵਾਦ ਸਕੀਮ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 736 ਲਾਭਪਾਤਰੀਆਂ ਨੂੰ 03 ਕਰੋੜ 75 ਲੱਖ 36 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸਕੀਮ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਤ 476 ਲਾਭਪਾਤਰੀਆਂ ਨੂੰ 02 ਕਰੋੜ 42 ਲੱਖ 76 ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗ ਨਾਲ ਸਬੰਧਤ 260 ਲਾਭਪਾਤਰੀਆਂ ਨੂੰ 01 ਕਰੋੜ 32 ਲੱਖ 60 ਹਜ਼ਾਰ ਰੁਪਏ ਦਿੱਤੇ ਗਏ ਹਨ।
ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ, ਈਸਾਈ ਬਰਾਦਰੀ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51,000/- ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਦਿੱਤੀ ਜਾਣ ਵਾਲੀ ਰਾਸ਼ੀ ਡੀ.ਬੀਟੀ. ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ਼੍ਰੀ ਮੁਕਲ ਬਾਵਾ ਨੇ ਦੰਸਿਆ ਕਿ ਸਕੀਮ ਅਧੀਨ ਰਹਿੰਦੇ ਲਾਭਪਾਤਰੀਆਂ ਨੂੰ ਸਕੀਮ ਦਾ ਲਾਭ ਛੇਤੀ ਹੀ ਮੁਹੱਈਆ ਕਰਵਾਇਆ ਜਾਵੇਗਾ।