ਆਜ਼ਾਦੀ ਦਿਵਸ ਸਮਾਗਮ ਦੌਰਾਨ ਸਮੂਹ ਅਧਿਕਾਰੀ ਦੇਸ਼ ਭਗਤੀ ਦੀ ਭਾਵਨਾਂ ਨਾਲ ਨਿਭਾਉਣ ਆਪਣੇ ਫਰਜ਼ : ਈਸ਼ਾ ਸਿੰਗਲ
ਦੀਦਾਰ ਗੁਰਨਾ
- ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੌਰਾਨ ਸੁਤੰਤਰਤਾ ਸੈਨਾਨੀਆਂ ਦਾ ਕੀਤਾ ਜਾਵੇਗਾ ਸਨਮਾਨ
- ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ 13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰੀਹਰਸਲ
- ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜ਼ਾਦੀ ਦਿਵਸ ਸਮਾਗਮ ਸਬੰਧੀ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 01 ਅਗਸਤ 2024 - 15 ਅਗਸਤ ਦਾ ਦਿਨ ਸਮੂਹ ਦੇਸ਼ ਵਾਸੀਆਂ ਲਈ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਇਸ ਦਿਨ ਸਾਡੇ ਮੁਲਕ ਨੂੰ ਲੰਮੀ ਆਜ਼ਾਦੀ ਉਪਰੰਤ ਆਜ਼ਾਦੀ ਮਿਲੀ ਸੀ ਅਤੇ ਸਾਰੇ ਭਾਰਤੀਆਂ ਨੇ ਆਜ਼ਾਦ ਫਿਜ਼ਾ ਵਿੱਚ ਸਾਹ ਲਿਆ ਸੀ। ਇਸ ਲਈ ਸਮੂਹ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੌਰਾਨ ਦੇਸ਼ ਭਗਤੀ ਦੀ ਭਾਵਨਾ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਨੇਕਾਂ ਦੇਸ਼ ਭਗਤਾਂ ਦੀਆਂ ਸ਼ਹਾਦਤਾਂ ਉਪਰੰਤ ਮਿਲੀ ਆਜ਼ਾਦੀ ਨੂੰ ਸੰਭਾਲਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਅਤੇ ਇਸ ਦਿਨ ਆਪਣੇ ਮਹਾਨ ਯੋਧਿਆਂ ਨੂੰ ਨਤਮਸਤਕ ਹੋਣਾ ਸਾਡਾ ਮੁਢਲਾ ਫਰਜ਼ ਬਣਦਾ ਹੈ।
ਈਸ਼ਾ ਸਿੰਗਲ ਨੇ ਦੱਸਿਆ ਕਿ 15 ਅਗਸਤ ਨੂੰ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ ਜਿਸ ਵਿੱਚ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦਾ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਇਸ ਸਮਾਗਮ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਸੁਤੰਤਰਤਾ ਸੰਗਰਾਮੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਇਕਲ, ਵੀਲ੍ਹ ਚੇਅਰ ਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਲਈ 6 ਅਗਸਤ ਤੋਂ ਰੀਹਰਸਲਾਂ ਸ਼ੁਰੂ ਹੋਣਗੀਆਂ ਅਤੇ 13 ਅਗਸਤ ਨੂੰ ਫੁੱਲ ਡਰੈੱਸ ਰੀਹਰਸਲ ਹੋਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਕੀਤੀ ਜਾਣ ਵਾਲੀ ਰੀਹਰਸਲ ਮੌਕੇ ਬੱਚਿਆਂ ਲਈ ਰਿਫੈਰਸ਼ਮੈਂਟ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ ਤੇ ਐਂਬੂਲੈਂਸ, ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਤੇ ਸਮਾਗਮ ਵਾਲੇ ਸਥਾਨ ਦੀ ਸਾਫ ਸਫਾਈ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਕਰਨ ਲਈ ਵੀ ਕਿਹਾ।
ਈਸ਼ਾ ਸਿੰਗਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਾਰੇ ਵਿਭਾਗਾਂ ਦੇ ਸਮੁੱਚੇ ਸਟਾਫ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪ੍ਰਬੰਧ ਕਰਨ, ਬਾਗਬਾਨੀ ਵਿਭਾਗ ਨੂੰ ਸਮਾਗਮ ਵਾਲੇ ਸਥਾਨ ਦੀ ਡੈਕੋਰੇਸ਼ਨ ਸਬੰਧੀ ਤਿਆਰੀ ਕਰਨ ਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਡੀ.ਐਸ.ਪੀ. ਸ. ਰਾਜਪਾਲ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ, ਸਹਾਇਕ ਸਿਵਲ ਸਰਜਨ ਡਾ: ਸਵਪਨਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।