DC ਲੁਧਿਆਣਾ ਵੱਲੋਂ ਸਰਕਾਰੀ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਰੱਖੜੀ ਸਟਾਲ ਦਾ ਉਦਘਾਟਨ
- ਰੈਡ ਕਰਾਸ ਸੋਸਾਇਟੀ ਜਲਦ ਹੀ ਹੁਨਰ ਵਿਕਾਸ ਕੇਂਦਰ ਚਲਾਏਗੀ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ, 14 ਅਗਸਤ 2024 - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਾਡਲ ਗ੍ਰਾਮ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ ਲਗਾਏ ਗਏ ਰੱਖੜੀ ਸਟਾਲ ਦਾ ਉਦਘਾਟਨ ਕੀਤਾ।
ਡੀ.ਈ.ਓ. ਰਵਿੰਦਰ ਕੌਰ ਅਤੇ ਡਿਪਟੀ ਡੀ.ਈ.ਓ ਮਨੋਜ ਦੇ ਨਾਲ ਡਿਪਟੀ ਕਮਿਸ਼ਨਰ ਸਾਹਨੀ ਨੇ ਸਟਾਲ 'ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਰੰਗ ਬਿਰੰਗੀਆਂ ਰੱਖੜੀਆਂ ਬਣਾਉਣ ਵਿੱਚ ਵਿਦਿਆਰਥੀਆਂ ਦੇ ਹੁਨਰ ਦੀ ਸ਼ਲਾਘਾ ਕੀਤੀ। ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਹੁਨਰ ਵਿਕਾਸ ਵਿਦਿਆਰਥੀਆਂ ਵਿੱਚ ਵਿਸ਼ਵਾਸ ਪੈਦਾ ਕਰਨ ਵਿੱਚ ਮਦਦ ਕਰਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਸਮਾਜ ਦਾ ਅਨਿੱਖੜਵਾਂ ਅੰਗ ਮੰਨਦੇ ਹੋਏ ਉਨ੍ਹਾਂ ਦੇ ਜੀਵਨ ਵਿੱਚ ਸੁਧਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਰੈੱਡ ਕਰਾਸ ਸੋਸਾਇਟੀ ਜਲਦ ਹੀ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਹੁਨਰ ਸਿਖਲਾਈ ਅਤੇ ਉਨ੍ਹਾਂ ਦੇ ਉਤਪਾਦਾਂ ਦੀ ਵਿਕਰੀ ਰਾਹੀਂ ਸਸ਼ਕਤ ਬਣਾਉਣ ਲਈ ਆਪਣਾ ਹੁਨਰ ਵਿਕਾਸ ਕੇਂਦਰ ਸ਼ੁਰੂ ਕਰੇਗੀ। ਕੇਂਦਰ ਦਾ ਟੀਚਾ ਦਿਵਿਆਂਗਜਨਾਂ ਨੂੰ ਆਮਦਨ ਦੇ ਮੌਕੇ ਪ੍ਰਦਾਨ ਕਰਕੇ ਅਤੇ ਉਹਨਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਕਰਨ ਦੇ ਸਮਰੱਥ ਬਣਾ ਕੇ ਉਹਨਾਂ ਦੇ ਜੀਵਨ ਨੂੰ ਬਦਲਣਾ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਸਟਾਲ ਲਗਾਉਣ ਲਈ ਸਿੱਖਿਆ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦੇ ਹਨ।