ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਹਦਾਇਤਾਂ
- ਬੇਕਰੀ ਤੇ ਮਠਿਆਈ ਦੇ ਦੁਕਾਨਦਾਰਾਂ ਨੂੰ ਬਲੈਕਮੇਲ ਕਰਨ ਵਾਲਿਆਂ ਨੂੰ ਵੀ ਤਾੜਨਾ, ਕਿਸੇ ਨੂੰ ਵੀ ਕਾਨੂੰਨ ਹੱਥ 'ਚ ਨਹੀਂ ਲੈਣ ਦਿੱਤਾ ਜਾਵੇਗਾ
ਪਟਿਆਲਾ, 10 ਸਤੰਬਰ 2024 - ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਪਿਛਲੇ ਦਿਨੀਂ ਮਠਿਆਈਆਂ ਅਤੇ ਬੇਕਰੀ ਪਦਾਰਥਾਂ ਦੀ ਗੁਣਵੱਤਾ ਸਬੰਧੀ ਮੀਡੀਆ ਵਿੱਚ ਆਈਆਂ ਖ਼ਬਰਾਂ ਦਾ ਨੋਟਿਸ ਲੈਂਦਿਆਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸੈਂਪਲਿੰਗ ਕਰਕੇ ਖਾਧ ਪਦਾਰਥਾਂ ਦੀ ਗੁਣਵੱਤਾ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਲਗਾਤਾਰ ਚੈਕਿੰਗ ਕਰਨ ਦੀ ਹਦਾਇਤ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਹਲਵਾਈ ਐਸੋਸੀਏਸ਼ਨ ਪਟਿਆਲਾ ਨੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਦੇ ਨਾਮ ਉਤੇ ਸ਼ਹਿਰ ਦੀਆਂ ਨਾਮੀ ਦੁਕਾਨਦਾਰਾਂ ਦਾ ਸਮਾਨ ਖਰਾਬ ਦੱਸਕੇ ਸੋਸ਼ਲ ਮੀਡੀਆ ਉਪਰ ਵਾਇਰਲ ਕੀਤਾ ਜਾ ਰਿਹਾ ਹੈ। ਇਸ ਨਾਲ ਜਿੱਥੇ ਦੁਕਾਨਾਂ ਦਾ ਅਕਸ ਤੇ ਵਪਾਰ ਖਰਾਬ ਹੁੰਦਾ ਹੈ, ਉਥੇ ਹੀ ਲੋਕਾਂ ਵਿੱਚ ਵੀ ਭਰਮ ਭੁਲੇਖੇ ਪੈਂਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਲੋਕ ਸੋਸ਼ਲ ਮੀਡੀਆ ਦਾ ਕੋਈ ਪਲੈਟਫਾਰਮ ਵਰਤਦੇ ਹਨ ਤੇ ਜੇਕਰ ਉਨ੍ਹਾਂ ਵੱਲੋਂ ਕਿਸੇ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ਨੂੰ ਵਰਤਿਆ ਗਿਆ ਤਾਂ ਸਬੰਧਤਾਂ ਦੀ ਪਛਾਣ ਕਰਕੇ ਨਿਯਮਾਂ ਮੁਤਾਬਕ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਸਮੂਹ ਹਲਵਾਈ ਦੀਆਂ ਦੁਕਾਨਾਂ ਕਰਦੇ ਅਤੇ ਬੇਕਰੀਆਂ ਦੇ ਮਾਲਕਾਂ ਨੂੰ ਵੀ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਵੱਲੋਂ ਖਪਤਕਾਰਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਕੋਈ ਵੀ ਘਟਨਾ ਸਾਹਮਣੇ ਆਈ ਤਾਂ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਪਰਖ ਲਗਾਤਾਰ ਕੀਤੇ ਜਾਣ ਦੇ ਆਦੇਸ਼ ਪਹਿਲਾਂ ਹੀ ਜਾਰੀ ਕਰ ਦਿੱਤੇ ਹਨ।