ਐਸ.ਐਸ.ਪੀ ਵੱਲੋਂ ਫਰੀਦਕੋਟ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਨਾਕਿਆਂ ਅਤੇ ਪੈਟਰੋਲਿੰਗ ਪਾਰਟੀਆਂ ਦਾ ਕੀਤਾ ਅਚਨਚੇਤ ਨਿਰੀਖਣ
ਮਨਜੀਤ ਸਿੰਘ ਢੱਲਾ
ਫ਼ਰੀਦਕੋਟ,10 ਸਤੰਬਰ 2024 - ਫਰੀਦਕੋਟ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਦੇ ਲਈ, ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀ ਕੀਤੀ ਗਈ ਹੈ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਵੱਖ-ਵੱਖ ਨਾਕਿਆਂ ਅਤੇ ਪੈਟਰੋਲਿੰਗ ਪਾਰਟੀਆਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਕ੍ਰਾਈਮ ਕੰਟਰੋਲ ਨੂੰ ਮਜ਼ਬੂਤ ਕਰਨਾ, ਗੈਰ-ਕਾਨੂੰਨੀ ਸਰਗਰਮੀਆਂ ਨੂੰ ਰੋਕਣਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦਾ ਭਾਵਨਾ ਨੂੰ ਕਾਇਮ ਰੱਖਣਾ ਹੈ।
ਨਿਰੀਖਣ ਦੌਰਾਨ, ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਨਾਕਿਆਂ ’ਤੇ ਸਖ਼ਤੀ ਨਾਲ ਤਾਇਨਾਤੀ ਹੋਵੇ ਅਤੇ ਹਰ ਆਉਣ-ਜਾਣ ਵਾਲੇ ਵਾਹਨ ਦੀ ਜਾਂਚ ਵਧੇਰੇ ਧਿਆਨ ਨਾਲ ਕੀਤੀ ਜਾਵੇ। ਇਸ ਨਾਲ ਨਾ ਸਿਰਫ਼ ਗੈਰ-ਕਾਨੂੰਨੀ ਸਰਗਰਮੀਆਂ ’ਤੇ ਰੋਕ ਲਗੇਗੀ ਬਲਕਿ ਅਪਰਾਧਿਕ ਅਨਸਰਾਂ ਨੂੰ ਵੀ ਕਾਬੂ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ, ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਨਾਕਿਆਂ ’ਤੇ ਪਬਲਿਕ ਦੀ ਅਸੁਵਿਧਾ ਘੱਟ ਰਹੇ ਅਤੇ ਸਮੇਂ-ਸਿਰ ਜਾਂਚ ਕਰਕੇ ਉਨ੍ਹਾਂ ਨੂੰ ਬਿਹਤਰ ਸਹੂਲਤ ਪ੍ਰਦਾਨ ਕੀਤੀ ਜਾਵੇ। ਇਸ ਤੋਂ ਇਲਾਵਾ ਪੈਟਰੋਲਿੰਗ ਪਾਰਟੀਆਂ ਨੂੰ ਸ਼ੱਕੀ ਵਿਅਕਤੀਆ ਅਤੇ ਵਾਹਨਾਂ ਦੀ ਚੈਕਿੰਗ ਲਈ ਜਰੂਰੀ ਹਦਾਇਤਾਂ ਵੀ ਦਿੱਤੀਆਂ ਗਈਆਂ।
ਇਸ ਮੌਕੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਹਾਈਟੈਕ ਨਾਕਿਆਂ ਦੇ ਨਾਲ-ਨਾਲ ਛੋਟੀਆਂ ਸੜਕਾਂ, ਕੱਚੇ ਰਸਤਿਆਂ ’ਤੇ ਵੀ ਨਾਕਾਬੰਦੀਆਂ ਕੀਤੀਆਂ ਗਈਆਂ ਹਨ ਅਤੇ ਪੈਟਰੋਲਿੰਗ ਪਾਰਟੀਆਂ ਲਗਾਤਾਰ ਗਸ਼ਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਦੀ ਪਾਲਣਾ ਅਤੇ ਸ਼ਰਾਰਤੀ ਤੱਤਾਂ ਨੂੰ ਕਾਬੂ ’ਚ ਰੱਖਣ ਲਈ ਬਹੁਤ ਹੀ ਮਹੱਤਵਪੂਰਨ ਹੈ।
ਇਸ ਦੇ ਨਾਲ ਹੀ, ਉਹਨਾਂ ਵੱਲੋਂ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ, ਤਾਂ ਜੋ ਜ਼ਿਲ੍ਹੇ ਵਿੱਚ ਸੁਰੱਖਿਆ ਦਾ ਮਾਹੌਲ ਬਣਿਆ ਰਹੇ।