ਦੀਵਾਲੀ ਵਾਲੇ ਦਿਨ ਵੀ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀ ਤੇ ਫਲਾਇੰਗ ਸਕੈਅਡ ਟੀਮਾਂ ਡਟੀਆਂ ਫੀਲਡ ਵਿੱਚ
- ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ 'ਤੇ ਬੁਝਾਇਆ
ਰੋਹਿਤ ਗੁਪਤਾ
ਗੁਰਦਾਸਪੁਰ, 30 ਅਕਤੂਬਰ 2024 - ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੇ ਨਾਲ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ਤੇ ਬੁਝਾਇਆ ਜਾ ਰਿਹਾ ਹੈ। ਸਿਵਲ ਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਫੀਲਡ ਵਿੱਚ ਇਕੱਠੇ ਕੰਮ ਕਰ ਰਹੀਆਂ ਹਨ ਅਤੇ ਦੀਵਾਲੀ ਵਾਲੇ ਦਿਨ ਵੀ ਫਲਾਇੰਗ ਸਕੈਅਡ ਟੀਮਾਂ ਤੇ ਅਧਿਕਾਰੀ ਫੀਲਡ ਵਿੱਚ ਡਟੇ ਰਹੇ।
ਇਸ ਸਬੰਧੀ ਗੱਲ ਕਰਦਿਆਂ ਐਸਡੀਐਮ ਗੁਰਦਾਸਪੁਰ, ਕਰਮਜੀਤ ਸਿੰਘ ਨੇ ਦੱਸਿਆ ਬੱਬਰੀ ਨੇੜੇ ਖੇਤਾਂ ਵਿੱਚ ਅੱਗ ਲੱਗੀ ਸੀ, ਜਿਸ ਨੂੰ ਮੌਕੇ ਤੇ ਬੁਝਾ ਦਿੱਤਾ ਗਿਆ।
ਇਸੇ ਤਰ੍ਹਾ ਪਿੰਡ ਮੁਰਾਦਪੁਰ,ਧੰਨ ਦਿਓ, ਬਹਿਲੋਲਪੁਰ, ਮੁਸਤਫ਼ਾਪੁਰ, ਦਬੁਰਜੀ ਤੇ ਧਾਰੀਵਾਲ ਨੇੜੇ ਖੇਤਾਂ ਵਿੱਚ ਲੱਗੀ ਅੱਗ ਨੂੰ ਅਧਿਕਾਰੀਆਂ ਵਲੋਂ ਮੌਕੇ 'ਤੇ ਜਾ ਕੇ ਬੁਝਾਇਆ ਗਿਆ।
ਅੱਜ ਐਸ.ਡੀ.ਐਮ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤੇ ਪਰਾਲੀ ਨਾ ਸਾੜਨ ਤੇ ਪਰਾਲੀ ਪ੍ਰਬੰਧਨ ਲਈ ਅਪੀਲ ਕੀਤੀ ਗਈ।
ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਨੂੰ ਲਗਾਤਾਰ ਮਿਲ ਰਹੇ ਹਨ। ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉੁਹ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪਿੰਡ ਪੱਧਰ ਤੱਕ ਨੋਡਲ ਅਫਸਰ ਲਗਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਲਗਾਤਾਰ ਮਿਲਿਆ ਜਾ ਰਿਹਾ ਹੈ। ਪਰਾਲੀ ਨਾ ਸਾੜਨ ਦੀ ਅਪੀਲ ਕਰਕੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ।