ਜਲੰਧਰ, 25 ਨਵੰਬਰ 2020 - ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਨੇ ਬੁੱਧਵਾਰ ਨੂੰ ਦਸੰਬਰ ਵਿੱਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤੀਜੇ ਪੜਾਅ ਦੀ ਸ਼ੁਰੂਆਤ ਸਬੰਧੀ ਸਮੀਖਿਆ ਕੀਤੀ ਤਾਂ ਜੋ ਨੌਜਵਾਨਾਂ ਨੂੰ ਵਧੇਰੇ ਕੁਸ਼ਲ ਬਣਾਇਆ ਜਾ ਸਕੇ ਅਤੇ ਸਨਅਤਕਾਰਾਂ ਲਈ ਲੋੜੀਂਦੀ ਕਿਰਤ ਸ਼ਕਤੀ ਯਕੀਨੀ ਬਣਾਈ ਜਾ ਸਕੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਾਰਜਕਾਰੀ ਕਮੇਟੀ ਅਤੇ ਸਨਅਤਕਾਰਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਨਰ ਕੇਂਦਰ ਸਾਡੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਕੁਸ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਰਹੇ ਹਨ ਤਾਂ ਜੋ ਉਹ ਮਾਰਕੀਟ ਦੀ ਮੰਗ ਨੂੰ ਪੂਰਾ ਕਰ ਸਕਣ ਅਤੇ ਰੋਜ਼ੀ-ਰੋਟੀ ਕਮਾ ਸਕਣ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੇਂਦਰਾਂ ਵਿੱਚ ਕਿੱਤਾ ਮੁਖੀ ਕੋਰਸਾਂ ਵਿੱਚ ਦਾਖਲੇ ਰਾਹੀਂ ਨੌਜਵਾਨਾਂ ਦੇ ਹੁਨਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਉਹ ਸਵੈ-ਨਿਰਭਰ ਬਣ ਸਕਣ।
ਸਾਰੰਗਲ ਨੇ ਕਿਹਾ ਕਿ ਮੌਜੂਦਾ ਮੁਕਾਬਲੇ ਦੇ ਯੁੱਗ ਵਿੱਚ ਹੁਨਰ ਵਿਕਾਸ ਸਮੇਂ ਦੀ ਲੋੜ ਹੈ ਕਿਉਂਕਿ ਸਾਡੇ ਨੌਜਵਾਨਾਂ ਦੀ ਸਮੁੱਚੀ ਸ਼ਖਸੀਅਤ ਦੇ ਵਿਕਾਸ ਲਈ ਸਾਫਟ ਸਕਿੱਲ ਟਰੇਨਿੰਗ 'ਤੇ ਜ਼ੋਰ ਦੇਣ ਤੋਂ ਇਲਾਵਾ ਜ਼ਿਆਦਾਤਰ ਨੌਕਰੀਆਂ ਹੁਨਰ ਆਧਾਰਿਤ ਹਨ।
ਏਡੀਸੀ ਨੇ ਨੌਜਵਾਨਾਂ ਨੂੰ ਆਪਣੇ ਹੁਨਰ ਵਿਕਾਸ ਦੇ ਕੋਰਸ ਦੇ ਨਾਲ ਕੋਈ ਵੀ ਸਾਫਟ ਸਕਿੱਲ ਕੋਰਸ ਕਰਨ ਲਈ ਕਿਹਾ ਤਾਂ ਜੋ ਉਹ ਮਾਰਕੀਟ ਦੀਆਂ ਜ਼ਰੂਰਤਾਂ ਨੂੰ ਸਮਝ ਸਕਣ ਅਤੇ ਵੱਖ-ਵੱਖ ਰੋਜ਼ਗਾਰ ਦੇ ਮੌਕਿਆਂ ਲਈ ਬਿਹਤਰ ਸੰਚਾਰ ਕਰ ਸਕਣ।
ਉਨ੍ਹਾਂ ਸਨਅਤਕਾਰਾਂ ਤੋਂ ਉਨ੍ਹਾਂ ਦੇ ਸੁਝਾਅ ਵੀ ਲਏ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਹੁਨਰਮੰਦ ਅਤੇ ਸਿੱਖਿਅਤ ਕਿਰਤ ਸ਼ਕਤੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਸਨਅਤਕਾਰਾਂ ਨੂੰ ਉਨ੍ਹਾਂ ਨੂੰ ਲੋੜੀਂਦੇ ਹੁਨਰਮੰਦ ਕਾਮਿਆਂ ਦੀ ਗਿਣਤੀ ਸੰਬੰਧੀ ਅੰਕੜੇ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਪ੍ਰਸ਼ਾਸਨ ਉਸ ਅਨੁਸਾਰ ਕੰਮ ਕਰ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਅਤੇ ਸਨਅਤਕਾਰਾਂ ਦੋਵਾਂ ਨੂੰ ਲਾਭ ਹੋਵੇਗਾ ਕਿਉਂਕਿ ਨੌਜਵਾਨਾਂ ਨੂੰ ਚੰਗੀ ਨੌਕਰੀਆਂ ਮਿਲਣਗੀਆਂ ਅਤੇ ਉਦਯੋਗਪਤੀਆਂ ਨੂੰ ਹੁਨਰਮੰਦ ਕਿਰਤ ਮਿਲੇਗੀ।