ਗੁਰਪ੍ਰੀਤ ਸਿੰਘ ਮੰਡਿਆਣੀ
- ਹਫ਼ਤਾਵਰੀ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਲੋਕਾਂ ਨਾਲ ਕੀਤਾ ਸਿੱਧਾ ਰਾਬਤਾ
ਮੋਗਾ, 18 ਨਵੰਬਰ 2020 - ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਅਤੇ ਜ਼ਿਲ੍ਹਾ ਮੋਗਾ ਨੂੰ ਹਰ ਤਰ੍ਹਾਂ ਦੇ ਪ੍ਰਦੂਸ਼ਣ ਤੋਂ ਮੁਕਤ ਰੱਖਣ ਲਈ ਸਹਿਯੋਗ ਕਰਨ। ਉਹ ਅੱਜ ਆਪਣੇ ਹਫ਼ਤਾਵਰੀ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਲੋਕਾਂ ਨਾਲ ਸਿੱਧੀ ਗੱਲਬਾਤ ਕਰ ਰਹੇ ਸਨ।
ਹੰਸ ਨੇ ਦੱਸਿਆ ਕਿ ਅੱਜ ਲੋੜ ਹੈ ਕਿ ਅਸੀਂ ਸੋਲੀਡ ਵੇਸਟ, ਪਲਾਸਟਿਕ ਵੇਸਟ ਅਤੇ ਕਚਰੇ ਨੂੰ ਉਚਿਤ ਤਰੀਕੇ ਨਾਲ ਸੰਭਾਲੀਏ। ਇਹ ਸਾਰੇ ਵੇਸਟ ਨਾਲੀਆਂ ਅਤੇ ਨਦੀਆਂ ਰਾਹੀਂ ਦਰਿਆਵਾਂ ਵਿਚ ਚਲੇ ਜਾਂਦੇ ਹਨ ਜਿਸ ਨਾਲ ਬਹੁਤ ਵੱਡਾ ਪ੍ਰਦੂਸ਼ਣ ਪੈਦਾ ਹੁੰਦਾ ਹੈ। ਇਸੇ ਤਰ੍ਹਾਂ ਬਾਇਓਮੈਡੀਕਲ ਵੇਸਟ ਨੂੰ ਵੀ ਸਹੀ ਤਰ੍ਹਾਂ ਸੰਭਾਲਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਹਵਾ ਪ੍ਰਦੂਸ਼ਣ ਨੂੰ ਘਟ ਕਰਨ ਲਈ ਬੇਲਰ ਖਰੀਦੇ ਜਾ ਰਹੇ ਹਨ। ਜੌ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਦਿੱਤੇ ਜਾਣਗੇ। ਇਸ ਨਾਲ ਪਰਾਲੀ ਨੂੰ ਸਾੜਨ ਦੀ ਪ੍ਰਥਾ ਨੂੰ ਖ਼ਤਮ ਕਰਨ ਵਿੱਚ ਵੱਡਾ ਯੋਗਦਾਨ ਮਿਲੇਗਾ। ਸ਼੍ਰੀ ਹੰਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੀ ਯਤਨ ਕਰਨ।
ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਨੂੰ ਹਰ ਤਰ੍ਹਾਂ ਦੇ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਇਹ ਯਤਨ ਤਾਂ ਹੀ ਸਫਲ ਹੋ ਸਕਦੇ ਹਨ ਜੇਕਰ ਲੋਕਾਂ ਦਾ ਸਹਿਯੋਗ ਮਿਲੇ। ਉਹਨਾਂ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।