ਡੇਂਗੂ ਦੀ ਰੋਕਥਾਮ ਲਈ ਜਿ਼ਲ੍ਹੇ ਅੰਦਰ ਕੀਤੀ ਜਾ ਰਹੀ ਹੈ ਲਾਰਵਾ ਦੀ ਚੈਕਿੰਗ : ਸਿਵਲ ਸਰਜਨ ਮਾਨਸਾ
ਸੰਜੀਵ ਜਿੰਦਲ
ਮਾਨਸਾ, 17 ਸਤੰਬਰ 2021 : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਨੁਸਾਰ ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੇ ਦਿਸ਼ਾ—ਨਿਰਦੇਸਾਂ ਤਹਿਤ ਟੀਮਾਂ ਦਾ ਗਠਨ ਕਰਕੇ ਸਪਰੇਅ ਅਤੇ ਜਾਗਰੂਕਤਾ ਮੁਹਿੰਮ ਅਪ੍ਰੈਲ ਮਹੀਨੇ ਤੋਂ ਚਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜਿ਼ਲ੍ਹਾ ਮਾਨਸਾ ਵਿੱਚ 4 ਟੀਮਾਂ ਇਸੇ ਸਾਲ ਅਪ੍ਰੈਲ ਮਹੀਨੇ ਤੋਂ 43067 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕਰ ਚੁੱਕੀਆਂ ਹਨ ਅਤੇ ਚੈਕਿੰਗ ਦੌਰਾਨ 1,63,900 ਕੰਨਟੇਨਰ ਚੈਕ ਕੀਤੇ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 75 ਘਰਾਂ ਵਿੱਚੋਂ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ ਜਿ਼ਲ੍ਹਾ ਮਾਨਸਾ ਵਿੱਚ ਡੇਂਗੂ ਦੇ 4 ਕੇਸ ਮਿਲੇ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਵਰਕਰਾਂ ਦੀਆਂ ਟੀਮਾਂ ਵੱਲੋਂ ਸਰਕਾਰੀ ਸੰਸਥਾਵਾਂ ਤੇ ਘਰ-ਘਰ ਜਾ ਕੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ, ਖਾਲੀ ਪਏ ਟਾਇਰਾਂ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿੱਚ ਖਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਕਿ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ।ਆਮ ਤੌਰ ਤੇ ਇਸ ਮੌਸਮ ਵਿੱਚ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।
ਉਨ੍ਹਾਂ ਲੋਕਾਂ ਨੂੰ ਡੇਂਗੂ ਦੇ ਮੱਛਰ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਅਤੇ ਆਲੇ—ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ।ਉਨ੍ਹਾਂ ਕਿਹਾ ਕਿ ਜਦੋਂ ਵੀ ਨਗਰ ਕੌਂਸਲ ਦੀ ਟੀਮ ਗਲੀ—ਮੁਹੱਲੇ ਵਿੱਚ ਫੌਗਿੰਗ ਕਰਨ ਆਉਂਦੀ ਹੈ, ਤਾਂ ਆਪਣੇ ਘਰਾਂ ਦੇ ਦਰਵਾਜੇ ਅਤੇ ਖਿੜਕੀਆਂ ਖੁੱਲੇ ਰੱਖੇ ਜਾਣ ਤਾਂ ਜੋ ਮੱਛਰ ਦਾ ਖਾਤਮਾ ਹੋ ਸਕੇ।
ਇਸ ਦੇ ਨਾਲ ਹੀ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਡਰਾਈ ਡੇਅ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਦਫ਼ਤਰਾਂ ਦਾ ਸਰਵੇਖਣ ਕੀਤਾ ਗਿਆ, ਜਿਸ ਵਿੱਚ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਡੀ.ਐਮ.ਦਫ਼ਤਰ, ਪਟਵਾਰ ਖਾਨਾ, ਖਜ਼ਾਨਾ ਦਫ਼ਤਰ, ਤਹਿਸੀਲਦਾਰ ਦਫ਼ਤਰ ਅਤੇ ਥਾਣਾ ਸਿਟੀ—2 ਦਾ ਵਿਸ਼ੇਸ ਸਰਵੇਖਣ ਕੀਤਾ ਗਿਆ।ਇਸ ਦੌਰਾਨ ਦੇਖਿਆ ਗਿਆ ਕਿ ਬਹੁਤ ਸਾਰੇ ਕੂਲਰਾਂ ਅਤੇ ਥਾਨਾ ਸਿਟੀ—2 ਦੇ ਕਬਾੜ ਵਿੱਚ ਪਾਣੀ ਖੜਾ ਹੋਇਆ ਸੀ ਅਤੇ ਥਾਨਾ ਸਿਟੀ—2 ਵਿੱਚੋਂ ਕਈ ਥਾਵਾਂ ਤੋਂ ਲਾਰਵਾ ਮਿਲਿਆ।ਸਿਹਤ ਵਿਭਾਗ ਦੀ ਟੀਮ ਵੱਲੋਂ ਮੌਕੇ *ਤੇ ਹੀ ਬਹੁਤ ਸਾਰੇ ਕੂਲਰਾਂ ਦੀ ਸਫ਼ਾਈ ਕਰਵਾਈ ਗਈ ਅਤੇ ਸਬੰਧਤ ਵਿਭਾਗਾਂ ਦੇ ਮੁੱਖੀਆਂ ਨੂੰ ਸਫ਼ਾਈ ਵੱਲ ਵਿਸ਼ੇਸ ਧਿਆਨ ਦੇਣ ਲਈ ਸੂਚਿਤ ਕੀਤਾ ਗਿਆ।
ਜਿ਼ਲ੍ਹਾ ਐਪੀਡੀਮਾਲੋਜਿਸਟ ਡਾ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਬੁਖਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ਤੇ ਇਹ ਬੁਖਾਰ ਜੁਲਾਈ ਤੋਂ ਲੈ ਕੇ ਨਵੰਬਰ ਤੱਕ ਜਿ਼ਆਦਾ ਹੁੰਦਾ ਹੈ, ਇਸ ਲਈ ਅਕਤੂਬਰ ਤੇ ਨਵੰਬਰ ਮਹੀਨਿਆਂ ਦੌਰਾਨ ਜਿ਼ਆਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਅਜਿਹੇ ਕੱਪੜੇ ਪਾਏ ਜਾਣ ਜਿੰਨ੍ਹਾਂ ਨਾਲ ਪੂਰਾ ਸਰੀਰ ਢਕਿਆ ਰਹੇ ਅਤੇ ਜੇਕਰ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜਦੀਕੀ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ।ਉਨ੍ਹਾਂ ਦੱਸਿਆ ਕਿ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ।ਉਨ੍ਹਾਂ ਅਪੀਲ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਲੋਕ ਸਿਹਤ ਵਿਭਾਗ ਨੂੰ ਪੂਰਨ ਸਹਿਯੌਗ ਦੇਣ ਤਾਂ ਜੋ ਜਿ਼ਲ੍ਹੇ ਨੂੰ ਡੇਂਗੂ ਮੁਕਤ ਬਣਾਇਆ ਜਾ ਸਕੇ।