ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ’ਚ ਯੋਗ ਲਾਭਪਾਤਰੀਆਂ ਨੂੰ 8 ਲੱਖ 50 ਹਜ਼ਾਰ ਕੋਵਿਡ ਵੈਕਸੀਨ ਦੇ ਟੀਕੇ ਲੱਗੇ: ਡੀ ਸੀ ਸੰਗਰੂਰ
ਦਲਜੀਤ ਕੌਰ ਭਵਾਨੀਗੜ੍ਹ
- ਹੁਣ ਤੱਕ 14 ਹਜ਼ਾਰ 875 ਮਰੀਜ਼ ਕੋਵਿਡ-19 ਨੂੰ ਹਰਾ ਕੇ ਹੋਏ ਸਿਹਤਯਾਬ
ਸੰਗਰੂਰ, 13 ਅਕਤੂਬਰ, 2021: ਮਿਸ਼ਨ ਫਤਿਹ ਤਹਿਤ ਜ਼ਿਲੇ ’ਚ 8 ਲੱਖ 50 ਹਜ਼ਾਰ ਕੋਵਿਡ ਵੈਕਸੀਨ ਦੇ ਟੀਕੇ ਜ਼ਿਲੇ ਦੇ ਯੋਗ ਲਾਭਪਾਤਰੀਆਂ ਨੂੰ ਲੱਗ ਚੁੱਕੇ ਹਨ ਅਤੇ ਸਮੂਹ ਯੋਗ ਲਾਭਪਾਤਰੀਆਂ ਦੇ ਟੀਕਾਕਰਨ ਲਈ ਵੱਖ ਵੱਖ ਥਾਵਾਂ ‘ਤੇ ਵਿਸ਼ੇਸ਼ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਕੀਤਾ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਕੋਵਿਡ-19 ਖਿਲਾਫ਼ ਮੁਕੰਮਲ ਰੋਗ ਪ੍ਰਤੀਰੋਧਕ ਸ਼ਕਤੀ ਬਣਾਉਣ ਲਈ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗਣੀਆਂ ਜ਼ਰੂਰੀ ਹਨ, ਇਸ ਲਈ ਜਿੰਨਾ ਵਿਅਕਤੀਆਂ ਨੂੰ ਵੈਕਸੀਨ ਦੀ ਦੂਜੀ ਖੁਰਾਕ ਲੱਗਣੀ ਹੈ ਉਹ ਨਿਰਧਾਰਿਤ ਸਮੇਂ ’ਤੇ ਆਪਣੀ ਵੈਕਸੀਨ ਜ਼ਰੂਰ ਲਗਵਾਉਣ। ਉਨਾਂ ਕਿਹਾ ਕਿ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੀ ਵੈਕਸੀਨੇਸ਼ਨ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਦਲਦੇ ਮੌਸਮ ਨਾਲ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਬੀਮਾਰੀਆਂ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨਾਂ ਕਿਹਾ ਕਿ ਇਹਨਾਂ ਤੋਂ ਬਚਾਅ ਲਈ ਆਲੇ-ਦੁਆਲੇ ਨੂੰ ਸਾਫ਼ ਰੱਖਿਆ ਜਾਵੇ। ਉਨਾਂ ਕਿਹਾ ਕਿ ਸਾਫ਼ ਪਾਣੀ ਨੂੰ ਖੜਾ ਨਾ ਹੋਣ ਦਿੱਤਾ ਜਾਵੇ ਅਤੇ ਪਾਣੀ ਦੇ ਸੋਮਿਆਂ ਨੂੰ ਹਫ਼ਤੇ ’ਚ ਘੱਟੋ-ਘੱਟ ਇੱਕ ਵਾਰ ਸਾਫ਼ ਕਰਨਾ ਯਕੀਨੀ ਬਣਾਇਆ ਜਾਵੇ।
ਸ੍ਰੀ ਰਾਮਵੀਰ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ’ਚੋਂ 7 ਲੱਖ 35 ਹਜ਼ਾਰ 123 ਵਿਅਕਤੀਆਂ ਦੇ ਨਮੂਨੇ ਲੈ ਕੇ ਕੋਵਿਡ-19 ਦੀ ਜਾਂਚ ਲਈ ਭੇਜੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 7 ਲੱਖ 19 ਹਜ਼ਾਰ 369 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ। ਉਨਾਂ ਦੱਸਿਆ ਕਿ ਹੁਣ ਤੱਕ 14 ਹਜ਼ਾਰ 875 ਮਰੀਜ਼ ਕੋਵਿਡ-19 ਨੂੰ ਹਰਾ ਕੇ ਸਿਹਤਯਾਬ ਹੋ ਚੁੱਕੇ ਹਨ।