ਬਲਾਕ ਸੀ ਐਚ ਸੀ ਬਾਜਾਖਾਨਾ ਅਧੀਨ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੈਂਪ ਜਾਰੀ
ਪਰਵਿੰਦਰ ਸਿੰਘ ਕੰਧਾਰੀ,ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ 24 ਜਨਵਰੀ 2022- ਸਿਵਲ ਸਰਜਨ ਫਰੀਦਕੋਟ ਡਾ. ਸੰਜੇ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ ਸਤੀਸ਼ ਜਿੰਦਲ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਬਾਜਾਖਾਨਾ ਦੀ ਅਗਵਾਈ ਅਧੀਨ ਬਲਾਕ ਬਾਜਾਖਾਨਾ ਅਧੀਨ ਹਰ ਪਿੰਡ ਵਿੱਚ ਕੋਰੋਨਾ ਤੋਂ ਬਚਾਅ ਲਈ ਕੋਵਿਡ-ਟੀਕਾਕਰਨ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਮੌਕੇ ਪਿੰਡ ਪੰਜਗਰਾਈਾ ਕਲਾਂ ਟੀਕਾਕਰਨ ਕੈਂਪਾਂ ਦਾ ਆਯੋਜਨ ਕੀਤਾ ਗਿਆ | ਡਾ ਸਤੀਸ਼ ਜਿੰਦਲ ਨੇ ਕਿਹਾ ਕਿ ਬਲਾਕ ਬਾਜਾਖਾਨਾ ਅਧੀਨ ਸਾਰੇ ਸਿਹਤ ਕੇਂਦਰਾਂ ਤੇ ਹਰ ਰੋਜ ਕਰੋਨਾ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਜਿਹਨਾਂ ਵਿੱਚ ਕੋਵੀਸ਼ੀਲਡ ਅਤੇ ਕੋਵੈਕਸੀਨ ਦੋਵੇਂ ਤਰਾਂ ਦੀ ਵੈਕਸੀਨ ਲਗਾਈ ਜਾਂਦੀ ਹੈ, ਇਸੇ ਤਰਾਂ 15 ਤੋਂ 17 ਸਾਲ ਤੱਕ ਦੇ ਬੱਚਿਆਂ ਦੇ ਵੀ ਕਰੋਨਾ ਵੈਕਸੀਨ ਲਗਾਈ ਜਾ ਰਹੀ ਹੈ ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਲਾਭਪਾਤਰੀ ਨੂੰ 2 ਟੀਕਿਆਂ ਦੀ ਖੁਰਾਕ ਲੈਣੀ ਹੋਵੇਗੀ ਤੇ ਦੂਜੀ ਖੁਰਾਕ ਲੈਣ ਤੋਂ 2 ਹਫਤਿਆਂ ਬਾਅਦ ਸਰੀਰ ਵਿੱਚ ਐਂਟੀਬਾਡੀਜ਼ ਦਾ ਸੁਰੱਖਿਆਤਮਕ ਪੱਧਰ ਪੈਦਾ ਹੋਵੇਗਾ ਅਤੇ ਇਹ ਟੀਕਾ ਪੂਰੀ ਤਰਾ ਸੁਰੱਖਿਅਤ ਹੈ ।
ਇਸ ਮੌਕੇ ਉਹਨਾਂ ਨਾਲ ਹਾਜ਼ਰ ਫਲੈਗ ਚਾਵਲਾ, ਸੁਧੀਰ ਧੀਰ ਬੀਈਈ, ਸਿਹਤ ਸੁਪਰਵਾਈਜ਼ਰ ਛਿੰਦਰਪਾਲ ਸਿੰਘ ਨੇ ਦੱਸਿਆ ਕੇ ਇਸ ਕੋਰੋਨਾ ਟੀਕਾਕਰਨ ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੋਰੋਨਾ ਤੋਂ ਬਚਾਅ ਲਈ ਵੱਖ-ਵੱਖ ਸਿਹਤ ਕੇਂਦਰਾਂ ਤੇ ਟੀਕਾ ਲਗਾਇਆ ਜਾ ਰਿਹਾ ਹੈ, ਅਤੇ ਸਰਕਾਰ ਵੱਲੋਂ 15 ਸਾਲ ਤੋਂ ਉਪਰ ਦੇ ਹਰ ਵਿਅਕਤੀ ਨੂੰ ਇਹ ਟੀਕਾ, ਟੀਕਾਕਰਨ ਕੈਪਾਂ ਦੌਰਾਨ ਬਿੱਲਕੁਲ ਮੁਫਤ ਲਗਾਇਆ ਜਾ ਰਿਹਾ ਹੈ ਅਤੇ ਉਨਾਂ ਨੇ ਕਿਹਾ ਕਿ ਸਾਨੂੰ ਅਫਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਕਿਸਮ ਦੀ ਸ਼ੰਕਾ ਹੋਣ ਤੇ ਆਪਣੇ ਪਿੰਡ ਦੇ ਸਿਹਤ ਵਿਭਾਗ ਦੇ ਸਟਾਫ, ਸਰਕਾਰੀ ਵੈਬਸਾਈਟ ਜਾਂ ਜਾਰੀ ਹੈਲਪ ਲਾਈਨ ਨੰਬਰ ਤੇ ਹੀ ਸੰਪਰਕ ਕਰਕੇ ਸਲਾਹ ਲੈਣੀ ਚਾਹੀਦੀ ਹੈ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਕਲੱਬਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਤਾਂ ਛੇਤੀ ਤੋਂ ਛੇਤੀ ਇਸ ਬਿਮਾਰੀ ਨੂੰ ਖਤਮ ਕੀਤਾ ਜਾ ਸਕੇ | ਇਸ ਮੌਕੇ ਸਿਹਤ ਕੇਂਦਰਾਂ ਦੇ ਸਮੂਹ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ ਹਾਜਰ ਸਨ।