ਨਵੇਂ ਖੁੱਲ੍ਹਣ ਵਾਲੇ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਜੌੜਾਮਾਜਰਾ ਅਤੇ ਕੋਹਲੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਚਰਚਾ
- ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ
- ਦਰਜਨ ਦੇ ਕਰੀਬ ਨਵੇਂ ਆਮ ਆਦਮੀ ਕਲੀਨਿਕ ਬਣਨ ਨਾਲ ਪਟਿਆਲਾ ਵਾਸੀਆਂ ਨੂੰ ਮਿਲੇਗਾ ਵੱਡਾ ਲਾਭ : ਅਜੀਤ ਪਾਲ ਸਿੰਘ ਕੋਹਲੀ
- ਪਟਿਆਲਾ ਜ਼ਿਲ੍ਹੇ 'ਚ 31 ਮਾਰਚ ਤੱਕ ਹੋਰ ਬਣਨਗੇ ਆਮ ਆਦਮੀ ਕਲੀਨਿਕ
ਪਟਿਆਲਾ, 7 ਫਰਵਰੀ 2023 - ਪਟਿਆਲਾ ਅੰਦਰ 31 ਮਾਰਚ ਤੱਕ ਦਰਜਨ ਹੋਰ ਨਵੇਂ ਸਥਾਪਤ ਕੀਤੇ ਜਾਣ ਵਾਲੇ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਪਟਿਆਲਾ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਚਰਚਾ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਪਹਿਲਾਂ ਹੀ 40 ਆਮ ਆਦਮੀ ਕਲੀਨਿਕ ਸਫਲਤਾ ਪੂਰਵਕ ਚੱਲ ਰਹੇ ਹਨ ਤੇ ਦਰਜਨ ਹੋਰ ਆਮ ਆਦਮੀ ਕਲੀਨਿਕ ਖੋਲਣ ਲਈ ਕੰਮ ਜਾਰੀ ਹੈ।
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਪਟਿਆਲਾ ਸ਼ਹਿਰੀ ਹਲਕੇ 'ਚ ਆਮ ਆਦਮੀ ਕਲੀਨਿਕਾਂ ਲਈ ਕਈ ਪ੍ਰਸਤਾਵਤ ਥਾਵਾਂ ਹਨ। ਇਨ੍ਹਾਂ ਵਿਚ ਪਾਸੀ ਰੋਡ 'ਤੇ ਸਥਿਤ ਬਾਬਾ ਜੀਵਨ ਸਿੰਘ ਬਸਤੀ, ਧਰਮਪੁਰਾ ਬਾਜ਼ਾਰ 'ਚ ਮਿਡ ਟਾਊਨ ਪਲਾਜ਼ਾ, ਸੱਤਿਆ ਇਨਕਲੇਵ, ਵੱਡਾ ਅਰਾਈ ਮਾਜਰਾ ਵਿਖੇ ਪ੍ਰਸਤਾਵਿਤ ਥਾਂਵਾਂ 'ਤੇ ਤਜਵੀਜ਼ ਸ਼ੁਦਾ ਆਮ ਆਦਮੀ ਕਲੀਨਿਕ ਖੋਲ੍ਹਣ ਤੇ ਚਰਚਾ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਸਿਵਲ ਸਰਜਨ ਡਾ. ਦਲਬੀਰ ਕੌਰ ਤੇ ਐਸ ਐਮ ਓ ਡਾ. ਕੁਸ਼ਲਦੀਪ ਗਿੱਲ ਵੀ ਮੌਜੂਦ ਸਨ।
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਨੂੰ ਪਟਿਆਲਾ ਵਿਖੇ ਸਫਲ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਯਤਨਸ਼ੀਲ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਅੰਦਰ ਆਮ ਆਦਮੀ ਕਲੀਨਿਕ ਸਥਾਪਤ ਹੋਣ ਨਾਲ ਲੋਕਾਂ ਨੂੰ ਇਲਾਜ ਲਈ ਦੂਰ ਦੁਰਾਡੇ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ, ਜਿਸ ਨਾਲ ਵੱਡੇ ਹਸਪਤਾਲਾਂ 'ਤੇ ਵੀ ਮਰੀਜ਼ਾਂ ਦਾ ਬੋਝ ਘਟੇਗਾ। ਇਹਨਾਂ ਕਲੀਨਿਕਾਂ 'ਚ ਮੁਫ਼ਤ ਸਿਹਤ ਜਾਂਚ ਸਮੇਤ 41 ਤਰਾਂ ਦੇ ਲੋੜੀਂਦੇ ਲੈਬ ਟੈਸਟ ਤੇ 96 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਮਿਲਣਗੀਆਂ।