ਖੇਡਾਂ ਨੂੰ ਉਤਸ਼ਾਹਤ ਕਰਨ ਲਈ ਐਚਐਮਈਐਲ ਨੇ ਸਰਕਾਰੀ ਸਕੂਲਾਂ ਵਿੱਚ ਖੇਡ ਮੁਕਾਬਲੇ ਕਰਵਾਏ
ਅਸ਼ੋਕ ਵਰਮਾ
ਬਠਿੰਡਾ,11ਅਕਤੂਬਰ2024:ਐਚਪੀਸੀਐਲ ਮਿੱਤਲ ਐਨਰਜੀ ਲਿਮਟਿਡ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਆਲੇ-ਦੁਆਲੇ ਦੇ 59 ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 4 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਇਨ੍ਹਾਂ ਖੇਡਾਂ ਰਾਹੀਂ ਜੋੜਿਆ ਜਾਵੇਗਾ। ਇਸ ਮੁਹਿੰਮ ਤਹਿਤ ਪਿੰਡ ਨਥੇਹਾ, ਮਾਹੀ ਨੰਗਲ, ਦੇਸੂ ਮਲਕਾਣਾ ਅਤੇ ਨੌਰੰਗ ਦੇ ਸਰਕਾਰੀ ਸਕੂਲਾਂ ਵਿੱਚ ਖੇਡ ਮੁਕਾਬਲੇ ਕਰਵਾਏ ਗਏ ਜਿੰਨ੍ਹਾਂ ਵਿੱਚ 600 ਤੋਂ ਵੱਧ ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦੇ ਜੇਤੂ ਅੰਤਰ-ਸਕੂਲ ਮੁਕਾਬਲਿਆਂ ਵਿੱਚ ਅੱਗੇ ਵਧਣਗੇ, ਜਿਸ ਵਿੱਚ ਦੌੜ, ਸ਼ਾਟ ਪੁਟ ਅਤੇ ਲੰਬੀ ਛਾਲ ਵਰਗੇ ਮੁਕਾਬਲੇ ਹੋਣਗੇ।
ਇਹ ਮੁਕਾਬਲੇ ਸਰੀਰਕ ਤੰਦਰੁਸਤੀ, ਮਾਨਸਿਕ ਤੰਦਰੁਸਤੀ ਅਤੇ ਸਮਾਜਿਕ ਹੁਨਰਾਂ ਨੂੰ ਵਧਾਉਂਦੇ ਹਨ, ਜਦੋਂ ਕਿ ਚਰਿੱਤਰ ਵਿਕਾਸ, ਅਨੁਸ਼ਾਸਨ ਅਤੇ ਖੇਡ ਭਾਵਨਾ ਨੂੰ ਉਤਸ਼ਾਹਤ ਕਰਦੇ ਹਨ, ਵਿਦਿਆਰਥੀਆਂ ਨੂੰ ਭਵਿੱਖ ਦੀ ਸਫਲਤਾ ਲਈ ਤਿਆਰ ਕਰਦੇ ਹਨ।ਪਿੰਡ ਦੇਸੂ ਮਲਕਾਣਾ ਦੇ ਸਰਕਾਰੀ ਸਕੂਲ ਵਿੱਚ ਖੇਡ ਮੁਕਾਬਲੇ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਖੇਡਾਂ ਵਿੱਚ ਹਿੱਸਾ ਲਿਆ। ਇਸ ਮੌਕੇ ਪਿੰਡ ਦੇਸੂ ਮਲਕਾਣਾ ਦੇ ਸਰਪੰਚ ਕੁਲਵੰਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਇਸ ਮੌਕੇ ਖੇਡ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ। ਸਰਪੰਚ ਕੁਲਵੰਤ ਸਿੰਘ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਐਚਐਮਈਐਲ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਨੌਜਵਾਨਾਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੋਵੇਗੀ ਬਲਕਿ ਉਨ੍ਹਾਂ ਦਾ ਸਰੀਰਕ ਵਿਕਾਸ ਵੀ ਹੋਵੇਗਾ। ਉਨ੍ਹਾਂ ਨੇ ਅਜਿਹੇ ਯਤਨ ਜਾਰੀ ਰੱਖਣ ਦੀ ਅਪੀਲ ਕੀਤੀ। ਐਚਐਮਈਐਲ ਨੇ ਖੇਡਾਂ ਨੂੰ ਉਤਸ਼ਾਹਤ ਕਰਨ ਅਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਆਕਰਸ਼ਣ ਪੈਦਾ ਕਰਨ ਲਈ ਪਿੰਡ ਵਿੱਚ ਇੱਕ ਜਿਮ, ਵਾਲੀਬਾਲ ਕੋਰਟ, ਫੁੱਟਬਾਲ ਗਰਾਊਂਡ ਵੀ ਤਿਆਰ ਕੀਤਾ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਸੈਰ-ਸਪਾਟੇ ਲਈ ਕਮਿਊਨਿਟੀ ਪਾਰਕ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡ ਸਮਾਨ ਦੇ ਨਾਲ-ਨਾਲ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਉਨ੍ਹਾਂ ਨੂੰ ਖੇਡਾਂ ਵਿੱਚ ਸਾਮਾਨ ਦੀ ਕੋਈ ਕਮੀ ਨਾ ਆਵੇ।