ਐਚ.ਐਮ.ਈ.ਐਲ ਨੇ ਪੱਕਾ ਕਲਾਂ ਦੇ ਸਰਕਾਰੀ ਸਕੂਲ ਵਿਖੇ ਖੇਡ ਮੁਕਾਬਲੇ ਕਰਵਾਏ
ਅਸ਼ੋਕ ਵਰਮਾ
ਬਠਿੰਡਾ, 11ਨਵੰਬਰ2024: ਸਿੱਖਿਆ ਦੇ ਖੇਤਰ ਵਿੱਚ ਵਿਕਾਸ ਲਈ ਅਪਣਾਏ ਗਏ 59 ਸਰਕਾਰੀ ਸਕੂਲਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਵਾਸਤੇ ਐਚਐਮਈਐਲ ਵੱਲੋਂ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਦੇ ਤਹਿਤ ਇਨ੍ਹਾਂ ਸਕੂਲਾਂ ’ਚ ਪੜ੍ਹ ਰਹੇ ਕਰੀਬ 4 ਹਜ਼ਾਰ ਵਿਦਿਆਰਥੀਆਂ ਨੂੰ ਕਵਰ ਕੀਤਾ ਜਾ ਰਿਹਾ ਹੈ। ਸਕੂਲ ਪੱਧਰ ’ਤੇ ਮੁਕਾਬਲੇ ਤੋਂ ਬਾਅਦ ਜੇਤੂ ਅੰਤਰ-ਸਕੂਲ ਮੁਕਾਬਲੇ ’ਚ ਅੱਗੇ ਵਧਣਗੇ, ਜਿਸ ’ਚ ਦੌੜ, ਸ਼ਾਟ ਪੁਟ ਅਤੇ ਲੰਬੀ ਛਾਲ ਵਰਗੇ ਮੁਕਾਬਲੇ ਹੋਣਗੇ। ਇਸ ਮੁਹਿੰਮ ਨੂੰ ਜਾਰੀ ਰੱਖਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕਾ ਕਲਾਂ ਵਿਖੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ 200 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਖੇਡਾਂ ਦੇ ਜੇਤੂਆਂ ਨੂੰ ਐਚਐਮਈਐਲ ਦੁਆਰਾ ਸਨਮਾਨਿਤ ਕੀਤਾ ਗਿਆ।
ਇਹ ਮੁਕਾਬਲੇ ਨਾ ਸਿਰਫ ਸਰੀਰਕ ਤੰਦਰੁਸਤੀ, ਮਾਨਸਿਕ ਤੰਦਰੁਸਤੀ ਅਤੇ ਸਮਾਜਿਕ ਹੁਨਰਾਂ ਨੂੰ ਉਤਸ਼ਾਹਤ ਕਰਦੇ ਹਨ ਬਲਕਿ ਚਰਿੱਤਰ ਵਿਕਾਸ, ਅਨੁਸ਼ਾਸਨ ਅਤੇ ਖੇਡ ਭਾਵਨਾ ਨੂੰ ਵੀ ਵਧਾਉਂਦੇ ਹਨ। ਇਹ ਵਿਦਿਆਰਥੀਆਂ ਨੂੰ ਭਵਿੱਖ ਦੀ ਸਫਲਤਾ ਲਈ ਤਿਆਰ ਰਹਿਣ ਵਿੱਚ ਸਹਾਇਤਾ ਕਰਦਾ ਹੈ। ਇਸ ਮੌਕੇ ਇੰਚਾਰਜ ਬਲਵਿੰਦਰ ਸਿੰਘ ਅਤੇ ਸਰਪੰਚ ਬਲਕਰਨ ਸਿੰਘ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਐਚਐਮਈਐਲ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਯਤਨ ਨਿਰੰਤਰ ਜਾਰੀ ਰਹਿਣੇ ਚਾਹੀਦੇ ਹਨ, ਜਿਸ ਨਾਲ ਨਾ ਸਿਰਫ ਵਿਦਿਆਰਥੀਆਂ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਹੁੰਦਾ ਹੈ ਬਲਕਿ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਵਿੱਚ ਵੀ ਮਦਦ ਮਿਲਦੀ ਹੈ। ਇਸ ਮੌਕੇ ਪੱਕਾ ਕਲਾਂ ਸਰਕਾਰੀ ਸੈਕੰਡਰੀ ਸਕੂਲ ਦੇ ਸਾਬਕਾ ਪ੍ਰਿੰਸੀਪਲ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ ਜਿੰਨ੍ਹਾਂ ਨੂੰ ਰਾਜ ਪੁਰਸਕਾਰ ਦਿੱਤੇ ਜਾਣ ਤੋਂ ਬਾਅਦ ਐਚਐਮਈਐਲ ਨੇ ਸਨਮਾਨਿਤ ਕੀਤਾ ਸੀ।