ਅਰੁਣ ਸੇਖੜੀ ਨੇ ਡਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਵਜੋਂ ਅਹੁੱਦਾ ਸੰਭਾਲਿਆ
ਫਿਰੋਜ਼ਪੁਰ , 23 ਅਕਤੂਬਰ 2023 : ਸ੍ਰੀ ਅਰੁਣ ਸੇਖੜੀ ਆਈ.ਏ.ਐੱਸ. 2004 ਬੈਚ ਨੇ ਅੱਜ ਫਿਰੋਜ਼ਪੁਰ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਅਹੁੱਦਾ ਸੰਭਾਲ ਲਿਆ ਹੈ। ਕਮਿਸ਼ਨਰ ਦਫਤਰ ਫਿਰੋਜ਼ਪੁਰ ਵਿਖੇ ਉਨ੍ਹਾਂ ਦੀ ਆਮਦ ਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ (ਜ.) ਸ. ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੱਲੋਂ ਫੁੱਲਾ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਅਹੁੱਦਾ ਸੰਭਾਲਣ ਦੌਰਾਨ ਕਮਿਸ਼ਨਰ ਸ੍ਰੀ ਅਰੁਣ ਸੇਖੜੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਖੇ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਿਹਤਰ ਪ੍ਰਸ਼ਾਸਨ ਅਤੇ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਨਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ/ਪ੍ਰਾਜੈਕਟਾਂ ਆਦਿ ਦੀ ਜਾਣਕਾਰੀ ਹਾਸਲ ਕੀਤੀ ਅਤੇ ਨਾਲ ਹੀ ਜ਼ਿਲ੍ਹੇ ਵਿੱਚ ਚੱਲ ਰਹੇ ਝੋਨੇ ਦੀ ਖਰੀਦ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਵਧੀਆ ਢੰਗ ਨਾਲ ਝੋਨੇ ਦੀ ਖਰੀਦ ਦੇ ਕੰਮ ਨੂੰ ਕਰਵਾਉਣ ਲਈ ਕਿਹਾ। ਦਸੱਣਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਅਰੁਣ ਸੇਖੜੀ ਕਮਿਸ਼ਨਰ ਡਵੀਜ਼ਨ ਪਟਿਆਲਾ ਅਤੇ ਲੇਬਰ ਕਮਿਸ਼ਨਰ ਪੰਜਾਬ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।
ਇਸ ਮੌਕੇ ਐਸ.ਪੀ (ਐਚ) ਸ੍ਰੀ ਸੋਹਨ ਲਾਲ, ਤਹਿਸੀਲਦਾਰ ਪ੍ਰਦੀਪ ਕੁਮਾਰ, ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ, ਡੀਐਸਪੀ ਸੁਰਿੰਦਰ ਕੁਮਾਰ, ਸੁਪਰਡੰਟ ਗਰੇਡ-1 ਮਨਮੋਹਨਜੀਤ ਸਿੰਘ ਰੱਖੜਾ, ਸੁਪਰਡੰਟ ਗਰੇਡ-2 ਪਰਮਿੰਦਰ ਸਿੰਘ, ਸੁਪਰਡੰਟ ਗਰੇਡ-2 ਵਿਕਰਾਂਤ ਖੁਰਾਣਾ, ਸੁਪਰਡੰਟ ਜੋਗਿੰਦਰ ਸਿੰਘ ਸਮੇਤ ਕਮਿਸ਼ਨਰ ਦਫਤਰ ਦਾ ਸਮੂਹ ਸਟਾਫ ਵੀ ਹਾਜ਼ਰ ਸੀ।