ਅਸ਼ੋਕ ਵਰਮਾ
ਬਠਿੰਡਾ, 6 ਮਾਰਚ 2021 - ਆਸ਼ਾ ਵਰਕਰਾਂ ਨੇ 7 ਮਾਰਚ ਨੂੰ ਪਟਿਆਲਾ ’ਚ ਕੀਤੀ ਜਾ ਰਹੀ ਰੈਲੀ ’ਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਸਿਵਲ ਹਸਪਤਾਲ ਬਠਿੰਡਾ ’ਚ ਆਸ਼ਾ ਵਰਕਰਜ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਜਿਲ੍ਹਾ ਇਕਾਈ ਬਠਿੰਡਾ ਦੀ ਜਿਲ੍ਹਾ ਪ੍ਰਧਾਨ ਸੁਰੰਜਣਾ ਰਾਣੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਇਹ ਫੈਸਲਾ ਲਿਾ ਗਿਆ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਕੌਰ ਬਲਾਕ ਪ੍ਰਧਾਨ ਬਠਿੰਡਾ, ਬਲਵਿੰਦਰ ਕੌਰ ਬਲਾਕ ਪ੍ਰਧਾਨ ਨਥਾਣਾ, ਰੁਪਿੰਦਰ ਕੌਰ ਬਲਾਕ ਪ੍ਰਧਾਨ ਭਗਤਾ ਨੇ ਕਿਹਾ ਕਿ ਆਸ਼ਾ ਵਰਕਰਜ਼ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਜਿਸ ਦੀ ਮਿਸਾਲ ਵੱਧ ਕੰਮ ਲੈ ਕੇ ਘੱਟ ਮਿਹਨਤਾਨਾ ਦੇਣਾ ਹੈ।
ਉਨ੍ਹਾਂ ਕਿਹਾ ਕਿ ਰਜਿਸਟਰ ਪੂਰੇ ਕਰਨ ਦਾ ਵਾਧੂ ਕੰਮ ਦਿੱਤਾ ਹੋਇਆ ਹੈ ਜਿਸ ਦਾ ਕੋਈ ਵੀ ਮਿਹਨਤਾਨਾ ਨਹੀਂ ਮਿਲਦਾ, ਆਸ਼ਾ ਵਰਕਰਾਂ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਨਹੀਂ ਲਿਆਂਦੀਆਂ ਜਾ ਰਹੀਆਂ ਅਤੇ ਆਸ਼ਾ ਫੈਸੀਲੀਟੇਟਰ ਨੂੰ ਬਣਦਾ 21 ਹਜਾਰ ਰੁਪਏ ਮਾਣ ਭੱਤਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਹੋਇਆ ਹੈ। ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਦਾ ਭਵਿੱਖ ਬਿਲਕੁਲ ਅਨਿਸਚਿਤ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਬੇਇਨਸਾਫੀਆਂ ਕਾਰਨ ਯੂਨੀਅਨ ਨੇ ਪਟਿਆਲਾ ਰੈਲੀ ’ਚ ਸ਼ਾਮਲ ਹੋਣ ਦਾ ਨਿਰਣਾ ਲਿਆ ਹੈ। ਮੀਟਿੰਗ ਵਿੱਚ ਸੰਤੋਸ਼,ਸਨੇਹਾ,ਦੀਪਕ ਕੌਰ,ਗੁਰਮੀਤ ਕੌਰ ਅਤੇ ਜਸਵਿੰਦਰ ਕੌਰ ਗਹਿਰੀ ਬੁੱਟਰ ਹਾਜਰ ਸਨ।